ਚੰਡੀਗੜ੍ਹ, 29 ਮਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਤੀ ਦਿਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨਾਂ ਬਾਰੇ ਡੂੰਘੀ ਚਿੰਤਾ ਅਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ ਇਸ ਤ੍ਰਾਸਦੀ ‘ਤੇ ਮੂਕ ਦਰਸ਼ਕ ਕਿਉਂ ਬਣੇ ਹੋਏ ਹਨ?
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ 10 ਸਾਲਾਂ ਮਾਫ਼ੀਆ ਰਾਜ ਦੌਰਾਨ ਖ਼ਤਰਨਾਕ ਹੱਦ ਤੱਕ ਫੈਲੀ ਨਸ਼ਿਆਂ ਦੀ ਬਿਮਾਰੀ ਨੇ ਪੰਜਾਬ ਦੇ ਲੱਖਾਂ ਘਰ ਤਬਾਹ ਕਰ ਦਿੱਤੇ ਅਤੇ ਹਜ਼ਾਰਾਂ ਨੌਜਵਾਨਾਂ ਦੀ ਜ਼ਿੰਦਗੀ ਲੀਲ੍ਹ ਲਈ। ਪਰੰਤੂ ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਸਿਰਫ਼ 4 ਹਫ਼ਤਿਆਂ ‘ਚ ਸਫ਼ਾਇਆ ਕਰਨ ਲਈ ਸ੍ਰੀ ਗੁਟਕਾ ਸਾਹਿਬ ਹੱਥ ‘ਚ ਫੜ ਕੇ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਬੁਰੀ ਤਰ੍ਹਾਂ ਅਸਫਲ ਰਹੇ ਹਨ, ਕਿਉਂਕਿ ਮੁੱਖ ਮੰਤਰੀ ਦੇ ਏਜੰਡੇ ਉੱਤੇ ਪੰਜਾਬ ਦੇ ਨੌਜਵਾਨਾਂ ਪ੍ਰਤੀ ਕੋਈ ਚਿੰਤਾ ਹੀ ਨਹੀਂ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਿਕ ਨਸ਼ਿਆਂ ਦਾ ਖ਼ਾਤਮਾ ਕੀਤਾ ਹੁੰਦਾ ਅਤੇ ਘਰ-ਘਰ ਨੌਕਰੀ ਦਿੱਤੀ ਹੁੰਦੀ ਤਾਂ ਨੌਜਵਾਨ ਨਸ਼ਿਆਂ ਦੀ ਓਵਰਡੋਜ ਨਾਲ ਮੌਤ ਪਿੱਛੋਂ ਅਖ਼ਬਾਰੀ ਸੁਰਖ਼ੀਆਂ ਨਾ ਬਣਦੇ। ਮਾਨ ਨੇ ਪਟਿਆਲਾ ਦੇ 22 ਸਾਲਾਂ ਨੌਜਵਾਨ ਦੀ ਰੋਪੜ ਜ਼ਿਲ੍ਹੇ ‘ਚ ਹੋਈ ਮੌਤ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ ਅਜਿਹਾ ਕੋਈ ਦਿਨ ਨਹੀਂ ਲੰਘਦਾ ਜਦੋਂ ਕੋਈ ਨਾ ਕੋਈ ਨੌਜਵਾਨ ਨਸ਼ੇ ਕਾਰਨ ਦਮ ਨਾ ਤੋੜਦਾ ਹੋਵੇ।
ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸਿਆਸੀ ਰਸੂਖਵਾਨਾਂ ਦੀ ਸ਼ਹਿ ਥੱਲੇ ਪੁਲਸ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਸੂਬੇ ‘ਚ ਨਸ਼ਿਆਂ ਦਾ ਕਾਲਾ ਕਾਰੋਬਾਰ ਜਿਉਂ ਦਾ ਤਿਉਂ ਚੱਲ ਰਿਹਾ ਹੈ। ਨਸ਼ੇ ਦੀ ਹੋਮ ਡਿਲਿਵਰੀ ਧੜੱਲੇ ਨਾਲ ਹੋ ਰਹੀ ਹੈ, ਪਰੰਤੂ ਕੈਪਟਨ ਅਮਰਿੰਦਰ ਸਿੰਘ ਵੀ ਬਾਦਲਾਂ ਵਾਂਗ ਅੱਖਾਂ ਬੰਦ ਕਰੀ ਬੈਠੇ ਹਨ।
ਮਾਨ ਨੇ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਬਿਨਾ ਪੱਖਪਾਤ ਅਤੇ ਸਿਆਸੀ ਦਖ਼ਲਅੰਦਾਜ਼ੀ ਮੁਹਿੰਮ ਚਲਾਈ ਜਾਏ, ਜਿਸ ਵਿਚ ‘ਆਪ’ ਸਮੇਤ ਸਾਰਾ ਪੰਜਾਬ ਸਾਥ ਦੇਵੇਗਾ। ਇਸ ਦੇ ਨਾਲ ਹੀ ਨਸ਼ੇ ਦੇ ਆਦੀ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ‘ਮੁੜ ਵਸਾਊ ਕੇਂਦਰ’ ਖੋਲੇ ਜਾਣ ਅਤੇ ਸਰਕਾਰ ਆਪਣੇ ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ ਤਾਂ ਕਿ ਉਹ ਵਿਹਲੇ ਰਹਿ ਕੇ ਨਸ਼ਿਆਂ ਦੀ ਦਲਦਲ ‘ਚ ਫਸਣ ਦੀ ਥਾਂ ਰੋਜ਼ਗਾਰ ‘ਤੇ ਜਾਣ ਅਤੇ ਪੰਜਾਬ ਦੀ ਖ਼ੁਸ਼ਹਾਲੀ ‘ਚ ਆਪਣਾ ਯੋਗਦਾਨ ਪਾਉਣ।