ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ
ਨਵੀ ਦਿੱਲੀ, 21 ਜੁਲਾਈ 2026 (ਵਿਸ਼ਵ ਵਾਰਤਾ):ਪੇਪਰ ਲੀਕ ਮਾਮਲੇ ਵਿੱਚ ਧਰਮੇਂਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਅਨੇਕਾਂ ਆਗੂ ਦਿੱਲੀ ਵਿੱਚ ਪੀ.ਐੱਮ. ਆਵਾਸ ਦੇ ਨੇੜੇ ਧਰਨੇ ‘ਤੇ ਬੈਠ ਗਏ ਹਨ। ਇਨ੍ਹਾਂ ਵਿੱਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹਨ।

ਇਸ ਵਿਚਾਲੇ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਧਰਨੇ ‘ਤੇ ਬੈਠੇ ਪੰਜਾਬ ਦੇ ਸਾਂਸਦ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਇਹ ਆਗੂ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ, ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਸਰਕਾਰ ਵਿਦਿਆਰਥੀਆਂ ਦੀ ਗੱਲ ਨਹੀਂ ਸੁਣਦੀ।
ਦੂਜੇ ਪਾਸੇ, ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਮੋਦੀ ਦੇਸ਼ ਨੂੰ ਬਰਬਾਦ ਕਰਨ ‘ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ NEET ਦਾ ਪੇਪਰ ਲੀਕ ਹੋਇਆ ਹੈ, ਜਿਸ ਨਾਲ ਬੱਚਿਆਂ ਨੂੰ ਪਰੇਸ਼ਾਨੀ ਹੋਈ ਹੈ। ਉਹ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























