ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਪੰਜਾਬ ਭਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋਈ: ਕੈਬਨਿਟ ਮੰਤਰੀ ਸੌਂਦ
ਲੁਧਿਆਣਾ, 30 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਗਊ ਸ਼ਾਲਾ ਚੌਕ, ਖੰਨਾ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਗਊ ਸ਼ਾਲਾ ਚੌਕ ਵਿਖੇ ਨਵੇਂ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਨਵੇਂ ਆਮ ਆਦਮੀ ਕਲੀਨਿਕ ਦੇ ਨਾਲ ਹੁਣ ਪੰਜਾਬ ਭਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ, ਜੋ ਸੂਬੇ ਵਿੱਚ ਚੱਲ ਰਹੀ ‘ਸਿਹਤ ਕ੍ਰਾਂਤੀ’ ਦਾ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਉੱਚ ਪੱਧਰੀ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾ ਕੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 3.43 ਕਰੋੜ ਤੋਂ ਵੱਧ ਲੈਬ ਟੈਸਟ ਬਿਨਾਂ ਕਿਸੇ ਖ਼ਰਚੇ ਦੇ ਕੀਤੇ ਜਾ ਚੁੱਕੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਉਪਲਬਧ ਕਰਵਾਏ ਜਾਂਦੇ ਹਨ, ਜਿਸ ਨਾਲ ਆਮ ਲੋਕਾਂ ਦੇ ਇਲਾਜ ਦਾ ਆਰਥਿਕ ਬੋਝ ਕਾਫ਼ੀ ਘੱਟ ਹੋਇਆ ਹੈ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਦਾ ਲਾਭ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਈ.ਟੀ. ਅਧਾਰਿਤ ਪ੍ਰਣਾਲੀ ਨਾਲ ਲੈਸ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਕਾਗਜ਼-ਰਹਿਤ ਰਜਿਸਟ੍ਰੇਸ਼ਨ, ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ ਅਤੇ ਲੋੜੀਂਦੀਆਂ ਜਾਂਚਾਂ ਦੀ ਸਹੂਲਤ ਇੱਕੋ ਛੱਤ ਹੇਠ ਉਪਲਬਧ ਹੈ।
ਅੰਤ ਵਿੱਚ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























