ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ
ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਦਸਤਾਵੇਜ਼ੀ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜੁਲਾਈ (ਸਤੀਸ਼ ਕੁਮਾਰ ਪੱਪੀ):- ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਬਲਾਕ ਮੋਹਾਲੀ ਦੇ ਪਿੰਡ ਮਾਣਕ ਮਾਜਰਾ ਅਤੇ ਭਾਗੋ ਮਾਜਰਾ ਵਿਖੇ ਗੁਰੂ ਰਵਿਦਾਸ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਅਤੇ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਵੱਲੋਂ ਸਮਾਨਤਾ, ਭਾਈਚਾਰਕ ਸਾਂਝ, ਮਾਨਵਤਾ ਅਤੇ ਸਮਾਜਿਕ ਬਰਾਬਰੀ ਦੇ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।
ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਦਸਤਾਵੇਜ਼ੀ ਫ਼ਿਲਮ ਰਾਹੀਂ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨੂੰ ਸਾਂਭਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਰਬ ਸਾਂਝੇ ਸੰਦੇਸ਼ ਨੂੰ ਹੋਰ ਪ੍ਰਚਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮਾਂ ਦੇ ਪ੍ਰਦਰਸ਼ਨ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਖੇਤਰਾਂ ਵਿੱਚ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਨ੍ਹਾਂ ਦੇ ਸਰਬ ਸਾਂਝੇ ਸੰਦੇਸ਼ ਤੋਂ ਜਾਣੂ ਹੋ ਸਕਣ।























