Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ
ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਦਰਜ ਰਿਸ਼ਵਤਖੋਰੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਦੀ CBI ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਹ ਮਾਮਲਾ ਕਥਿਤ ਰਿਸ਼ਵਤਖੋਰੀ ਨਾਲ ਸਬੰਧਤ ਹੈ, ਜਿਸ ਵਿੱਚ CBI ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਪਿਛਲੇ ਸਾਲ ਅਕਤੂਬਰ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਦੀ ਸੁਣਵਾਈ ਦੌਰਾਨ ਮਾਮਲੇ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਅੱਗੇ ਵਧਣ ਦੀ ਉਮੀਦ ਹੈ। ਮੁਅੱਤਲ DIG ਖ਼ਿਲਾਫ਼ CBI ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਪਿਛਲੇ ਬੁੱਧਵਾਰ 5 ਅਗਸਤ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਸਬੰਧੀ ਫੈਸਲਾ ਸੁਰੱਖਿਅਤ ਰੱਖਿਆ ਸੀ। ਜਿਸ ’ਤੇ 10 ਅਗਸਤ ਨੂੰ ਸੁਣਵਾਈ ਦੌਰਾਨ ਫੈਸਲਾ ਸੁਣਾਇਆ ਗਿਆ।
ਭੁੱਲਰ ’ਤੇ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹਨ। CBI ਦੇ ਮੁਤਾਬਕ, ਟਰੈਪ ਕਾਰਵਾਈ ਦੌਰਾਨ ਸਹਿ-ਮੁਲਜ਼ਮ ਕ੍ਰਿਸ਼ਨੂ ਨੂੰ 5 ਲੱਖ ਰੁਪਏ ਲੈਂਦਿਆਂ ਕਾਬੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ‘ਤੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਸੀਬੀਆਈ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ 8 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਇੱਕ ਸਕ੍ਰੈਪ ਡੀਲਰ ਤੋਂ ਪੈਸੇ ਲੈ ਰਿਹਾ ਸੀ। ਤਲਾਸ਼ੀ ਦੌਰਾਨ, ਉਸਦੇ ਠਿਕਾਣਿਆਂ ਤੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਵੱਡੀ ਮਾਤਰਾ ਵਿੱਚ ਸੋਨਾ ਬਰਾਮਦ ਹੋਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























