ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ
– ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ
– ਸਿਮਰਨਜੀਤ ਸਿੰਘ ਮਾਨ ਨੂੰ ਕੀਤਾ ਡਿਟੇਨ
ਚੰਡੀਗੜ੍ਹ , 15 ਅਗਸਤ 2026 (ਵਿਸ਼ਵ ਵਾਰਤਾ): ਬੰਦੀ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਅੱਜ ਗਵਰਨਰ ਹਾਊਸ ਵੱਲ ਕੂਚ ਕਰ ਰਿਹਾ ਹੈ। ਪ੍ਰਦਰਸ਼ਨਕਾਰੀ ਮੋਹਾਲੀ ਦੇ YPS ਚੌਂਕ ਨੇੜੇ ਇਕੱਠੇ ਹੋਏ, ਫਿਰ ਚੰਡੀਗੜ੍ਹ ਵੱਲ ਵਧੇ।
ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੌਛਾਰਾਂ ਛੱਡੀਆਂ। ਇਸ ਦੇ ਨਾਲ ਹੀ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਤੋਂ ਪਹਿਲਾਂ ਪੁਲਿਸ ਨੇ ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਰੇ ਰਸਤਿਆਂ ‘ਤੇ ਬੈਰੀਕੇਡਿੰਗ ਕਰ ਦਿੱਤੀ ਸੀ ਅਤੇ ਵਾਧੂ ਫੋਰਸ ਤੈਨਾਤ ਕੀਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਚੰਡੀਗੜ੍ਹ ਪੁਲਿਸ ਨੇ ਡਰੋਨ ਵਿੱਚ ਲੱਗੇ ਸਪੀਕਰ ਰਾਹੀਂ ਐਲਾਨ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਪੁਲਿਸ ਨੇ ਕਿਹਾ ਕਿ ਪ੍ਰਸ਼ਾਸਨ ਤੁਹਾਡੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਨਾ ਫੈਲਾਓ। ਇੱਥੇ ਭਾਰਤੀ ਨਿਆਇਕ ਸੰਹਿਤਾ (BNS) ਦੀ ਧਾਰਾ 163 ਲਾਗੂ ਹੈ। ਸੁਰੱਖਿਆ ਪ੍ਰਬੰਧਾਂ ਤਹਿਤ ਚੰਡੀਗੜ੍ਹ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 1000 ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























