National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ
ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਕਾਂਗਰਸ ਵਰਕਿੰਗ ਕਮੇਟੀ (CWC) ਦੀ ਇੱਕ ਅਹਿਮ ਬੈਠਕ ਬੁਲਾਈ ਗਈ ਹੈ। ਬੈਠਕ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਕਰਨਗੇ। ਇਸ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਬੈਠਕ ਦੌਰਾਨ ਕੇਂਦਰ ਸਰਕਾਰ ਵੱਲੋਂ ਹੱਦਬੰਦੀ (Delimitation) ਅਤੇ ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਪ੍ਰਸਤਾਵ ’ਤੇ ਕਾਂਗਰਸ ਦੀ ਰਣਨੀਤੀ ਤੈਅ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਦੇ ‘ਵਿਦਿਆਰਥੀਆਂ ਦੀ ਗੂੰਜ’ ਪ੍ਰੋਗਰਾਮ ਨੂੰ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਲਿਜਾਣ ਦੀ ਰਣਨੀਤੀ ’ਤੇ ਵੀ ਚਰਚਾ ਹੋਵੇਗੀ। ਬੈਠਕ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਪਾਰਟੀ ਵੱਲੋਂ ਚੋਣੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਰਾਜਨੀਤਿਕ ਚੁਣੌਤੀਆਂ ’ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦ ਅਤੇ ਸੰਗਠਨਾਤਮਕ ਪ੍ਰਬੰਧ ਨੂੰ ਲੈ ਕੇ ਵੀ ਬੈਠਕ ਤੋਂ ਬਾਅਦ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਵੱਖਰੀ ਚਰਚਾ ਹੋਣ ਦੀ ਸੰਭਾਵਨਾ ਹੈ।
ਮੀਟਿੰਗ ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ/ਮੁੱਦਿਆਂ ਅਤੇ ਰਾਮ ਮੰਦਰ ਦੇ ਚੜ੍ਹਾਵੇ ਚੋਰੀ ਹੋਣ ਦੇ ਦੋਸ਼ਾਂ ਸਬੰਧੀ ਸਰਕਾਰ ਨੂੰ ਘੇਰਨ ਦੇ ਵਿਕਲਪਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਚੱਲ ਰਹੀ ਬਿਆਨਬਾਜ਼ੀ ਅਤੇ ਧੜੇਬੰਦੀ ‘ਤੇ ਵੀ ਸਖ਼ਤ ਰੁਖ਼ ਅਪਣਾਇਆ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























