ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ
ਤਰਨ ਤਾਰਨ, 27 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਰਾਹੁਲ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਸਮੈਸਿੰਗ, ਫੁੱਟਬਾਲ ਅਤੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਹੋਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਸਮੈਸਿੰਗ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਆਦਿ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਆਦਿੱਤਿਆ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਖੇਡ ਸੰਸਥਾਵਾਂ, ਕੋਚਾਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਤਰਨ ਤਾਰਨ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਹੋਰ ਰੋਸ਼ਨ ਕਰ ਸਕਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























