ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ
– ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕੀਤੀ ਸਫ਼ਾਈ ਅਭਿਆਨ ਦੀ ਅਗਵਾਈ
ਅੰਮ੍ਰਿਤਸਰ, 7 ਸਤੰਬਰ (ਵਿਸ਼ਵ ਵਾਰਤਾ) : ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੂਬਸੂਰਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਅੰਮ੍ਰਿਤਸਰ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਅਤੇ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੱਲੋਂ ਕੀਤੀ ਗਈ।
ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਵੀ ਸਫ਼ਾਈ ਅਭਿਆਨ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਪੱਧਰ ’ਤੇ ਕੀਤੇ ਜਾ ਰਹੇ ਉਪਰਾਲੇ ਹੀ ਕਾਫ਼ੀ ਨਹੀਂ ਹਨ, ਸਗੋਂ ਸ਼ਹਿਰ ਨੂੰ ਸਾਫ਼ ਰੱਖਣ ਲਈ ਹਰੇਕ ਨਾਗਰਿਕ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਅਤੇ ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ-ਕਰਕਟ ਸਿਰਫ਼ ਨਿਰਧਾਰਤ ਥਾਵਾਂ ਅਤੇ ਡਸਟਬਿਨਾਂ ਵਿੱਚ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵੀ ਅਪੀਲ ਕੀਤੀ।
ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਗੁਰੂ ਨਗਰੀ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਅਜਿਹੇ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ‘ਸਾਫ਼ ਅੰਮ੍ਰਿਤਸਰ, ਸੁੰਦਰ ਅੰਮ੍ਰਿਤਸਰ’ ਦੇ ਟੀਚੇ ਨੂੰ ਹਕੀਕਤ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਮਹੱਤਵਪੂਰਨ ਹੈ।
ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਨਿਗਮ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿੱਚ ਹਰ ਰੋਜ਼ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ, ਇਸ ਲਈ ਸ਼ਹਿਰ ਦਾ ਹਰ ਹਿੱਸਾ ਸਾਫ਼-ਸੁਥਰਾ ਅਤੇ ਸੁੰਦਰ ਦਿਖਾਈ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਸ਼ਹਿਰ ਵਿੱਚ ਸਫ਼ਾਈ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਅਤੇ ਨਗਰ ਨਿਗਮ ਦਾ ਸਹਿਯੋਗ ਕਰਦਿਆਂ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















