Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ
ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਵਿੱਚ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 32 ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ, ਜਦਕਿ 2 ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਉਨ੍ਹਾਂ ਦੀ ਮੁੱਖ ਮੰਗ ਨਿਯਮਿਤਕਰਨ ਦੀ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਨਿਯਮਿਤ ਕੀਤੇ ਜਾਣ ਦੀ ਮੰਗ ‘ਤੇ ਕਾਇਮ ਹਨ, ਜਦਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੇਵਾ ਸੁਰੱਖਿਆ ਦੇਣ ਦੀ ਗੱਲ ਕਹੀ ਜਾ ਰਹੀ ਹੈ।
ਹੜਤਾਲ ਲੰਬੀ ਖਿੱਚਣ ਕਾਰਨ ਗੁਰਗਾਓਂ ਸਮੇਤ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਸਫਾਈ ਵਿਵਸਥਾ ਪ੍ਰਭਾਵਿਤ ਹੋਈ ਹੈ। ਕਈ ਥਾਵਾਂ ‘ਤੇ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਮੁਤਾਬਕ ਸਫਾਈ ਕਰਮਚਾਰੀਆਂ ਦੀਆਂ 13 ਵਿੱਚੋਂ 12 ਮੰਗਾਂ ਮੰਨੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਵੀ ਕਿਹਾ ਸੀ ਕਿ ਕਰਮਚਾਰੀਆਂ ਦੀਆਂ 12 ਮੰਗਾਂ ਸਵੀਕਾਰ ਕਰ ਲਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ, ਉਨ੍ਹਾਂ ਵਿੱਚ ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਹੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਨਿਯਮਿਤਕਰਨ ਦੇ ਮੁੱਦੇ ‘ਤੇ ਸਰਕਾਰ ਅਤੇ ਸਫਾਈ ਕਰਮਚਾਰੀਆਂ ਵਿਚਕਾਰ ਅਜੇ ਵੀ ਸਹਿਮਤੀ ਨਹੀਂ ਬਣ ਸਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























