Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ
ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਗਏ ਸਰਕਾਰੀ ਮੁਲਾਜ਼ਮਾਂ ਨੇ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤਾ ਗਿਆ ਸ਼ੋਅਕਾਜ਼ ਨੋਟਿਸ ਵੀ ਵਾਪਸ ਲੈ ਲਿਆ ਗਿਆ ਹੈ।
ਮੁਲਾਜ਼ਮ ਜਥੇਬੰਦੀਆਂ ਮੁਤਾਬਕ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਿਰਫ਼ 8 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ 27 ਅਗਸਤ ਦੀ ਹੜਤਾਲ ਤੋਂ ਬਾਅਦ ਕਰੀਬ 2,500 ਮੁਲਾਜ਼ਮਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਸਰਕਾਰ ਵੱਲੋਂ ਕਾਰਵਾਈ ਸਬੰਧੀ ਪੱਤਰ ਜਾਰੀ ਕੀਤਾ ਗਿਆ ਸੀ। ਮੁਲਾਜ਼ਮ ਇਸ ਪੱਤਰ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ।
ਇਸੇ ਦੌਰਾਨ ਮੰਗਲਵਾਰ ਨੂੰ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ ਹੜਤਾਲ ’ਤੇ ਰਹਿਣ ਵਾਲੇ ਮੁਲਾਜ਼ਮਾਂ ’ਤੇ ‘ਨੋ ਵਰਕ, ਨੋ ਪੇ’ ਲਾਗੂ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਦੇ ਨਾਲ ਹੀ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਗੱਲ ਵੀ ਕਹੀ ਗਈ ਸੀ। ਹੁਣ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮਾਂ ਦੀ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ DA ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ’ਤੇ ਵਿਚਾਰ ਹੋਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















