Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ
ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ।
ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਆਈ.ਜੀ.ਆਈ. (IGI) ਹਵਾਈ ਅੱਡੇ, ਨਵੀਂ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਹੈ।
ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਲਈ ਟਿਕਾਣਾ ਮੁਹੱਈਆ ਕਰਵਾਇਆ ਸੀ। ਉਹ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. (IPC), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. (FIR) ਵਿੱਚ ਲੋੜੀਂਦਾ ਸੀ। ਏ.ਜੀ.ਟੀ.ਐਫ. (AGTF) ਪੰਜਾਬ ਵੱਲੋਂ 03.09.2026 ਨੂੰ ਉਸ ਵਿਰੁੱਧ ‘ਲੁੱਕ ਆਊਟ ਸਰਕੂਲਰ’ (LOC) ਜਾਰੀ ਕੀਤਾ ਗਿਆ ਸੀ।
ਮੁਲਜ਼ਮ ਦਾ ਅਪਰਾਧਿਕ ਇਤਿਹਾਸ ਰਿਹਾ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਫਿਰੌਤੀ, ਅਸਲਾ ਐਕਟ ਦੀ ਉਲੰਘਣਾ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ।
ਉਸਦੇ ਵਿਆਪਕ ਅਪਰਾਧਿਕ ਨੈੱਟਵਰਕ ਅਤੇ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਅਤੇ ਲੋੜੀਂਦੇ ਅਪਰਾਧੀਆਂ ਨੂੰ, ਭਾਵੇਂ ਉਹ ਕਿਤੇ ਵੀ ਸਰਗਰਮ ਹੋਣ, ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























