ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਵਾਸਤੇ ਅੱਜ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾਹੈ। ਇਹ ਸੱਤ ਮੈਂਬਰੀ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਦੇ ਮਾਮਲਿਆਂ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ। ਸਰਕਾਰ ਵੱਲੋਂ ਗਠਿਤ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਪਿਛੋਕੜ ਵਾਲੀਆਂ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਕਮੇਟੀ ਦੇ ਗਠਨ ਬਾਰੇ ਹੁਕਮ ਜਾਰੀ ਕੀਤੇ ਗਏ ਹਨ।
ਇਸ 7 ਮੈਂਬਰੀ ਕਮੇਟੀ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ਦੇ ਮੈਂਬਰ ਹੋਣਗੇ।
























