ਚੰਡੀਗੜ੍ਹ/28 ਜੂਨ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰੰਧਾਵਾ ਕੱਲ੍ਹ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਹੋਈ ਪੁਲਿਸ ਗੋਲੀਬਾਰੀ ਦੌਰਾਨ ਹੋਈ ਇੱਕ ਕੈਦੀ ਦੀ ਮੌਤ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਪੁਲਿਸ ਗੋਲੀਬਾਰੀ ਵਿਚ ਕੈਦੀ ਅਜੀਤ ਬਾਬਾ ਅਤੇ ਚਾਰ ਹੋਰ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜੇਲ੍ਹ ਮੰਤਰੀ ਤੋਂ ਇਲਾਵਾ ਬਾਕੀ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਜੇਲ੍ਹ ਸੁਪਰਇਨਟੇਨਡੈਂਟ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਘਟਨਾ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਜਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਉਣ ਦਾ ਹੁਕਮ ਨਾ ਦਿੱਤਾ ਤਾਂ ਸੱਤਾ ਵਿਚ ਆਉਣ ਮਗਰੋਂ ਅਕਾਲੀ ਦਲ ਵੱਲੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਲੁਧਿਆਣਾ ਜੇਲ੍ਹ ਅੰਦਰ ਕੈਦੀ ਆਪਣੇ ਇੱਕ ਸਾਥੀ ਨਾਲ ਹੋਈ ਧੱਕੇਸ਼ਾਹੀ ਖ਼ਿਲਾਫ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਜੇਲ੍ਹ ਪ੍ਰਬੰਧਕਾਂ ਵੱਲੋਂ ਇੱਕ ਕੈਦੀ ਨਾਲ ਕੀਤੇ ਅਣਮਨੁੱਖੀ ਵਤੀਰੇ ਦੇ ਰੋਸ ਵਜੋਂ ਕੈਦੀਆਂ ਨੇ ਭੁੱਖ ਹੜਤਾਲ ਕੀਤੀ ਸੀ। ਪਰੰਤੂ ਜੇਲ੍ਹ ਪ੍ਰਬੰਧਕਾਂ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਕੈਦੀਆਂ ਉੱਤੇ ਸਿੱਧੀ ਫਾਇਰਿੰਗ ਕਰ ਦਿੱਤੀ। ਸਰਦਾਰ ਬਾਦਲ ਨੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਦਾ ਵਤੀਰਾ ਕਰੂਰਤਾ ਭਰਿਆ ਵਤੀਰਾ ਵੇਖ ਕੇ ਦਿਲ ਦਹਿਲ ਜਾਂਦਾ ਹੈ। ਉਹਨਾਂ ਨੇ ਕੈਦੀਆਂ ਦੇ ਸਿੱਧੀਆਂ ਛਾਤੀਆਂ ਉੱਤੇ ਗੋਲੀਆਂ ਮਾਰੀਆਂ, ਜਿਸ ਦੌਰਾਨ ਇੱਕ ਕੈਦੀ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਉਹਨਾਂ ਕਿਹਾ ਕਿ ਹੁਣ ਅਕਾਲੀ ਦਲ ਨੇ ਜੇਲ੍ਹ ਮੰਤਰੀ ਖ਼ਿਲਾਫ ਇਸ ਲਈ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਉਹ ਜੇਲ੍ਹਾਂ ਦੇ ਪ੍ਰਬੰਧ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ। ਸੁਖਜਿੰਦਰ ਰੰਧਾਵਾ ਦੀ ਇਸ ਵਾਸਤੇ ਜੁਆਬਦੇਹੀ ਹੋਣੀ ਚਾਹੀਦੀ ਹੈ, ਕਿਉਂਕਿ ਗੋਲੀਬਾਰੀ ਦੀ ਇਹ ਘਟਨਾ ਉਸ ਦੀ ਸਹਿਮਤੀ ਬਿਨਾਂ ਨਹੀਂ ਸੀ ਵਾਪਰ ਸਕਦੀ।
ਸਰਦਾਰ ਬਾਦਲ ਨੇ ਇਸ ਪ੍ਰਸਾਸ਼ਨਿਕ ਕੋਤਾਹੀ ਉੱਤੇ ਪਰਦਾ ਪਾਉਣ ਲਈ ਘਟਨਾ ਤੋਂ ਤੁਰੰਤ ਬਾਅਦ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੈਦੀਆਂ ਵੱਲੋਂ ਇੱਕ ਦਿਨ ਪਹਿਲਾਂ ਸ਼ੁਰੂ ਕੀਤੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਸਥਿਤੀ ਨੂੰ ਇਸ ਹੱਦ ਤਕ ਵਿਗੜਣ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਲ੍ਹਾਂ ਅੰਦਰ ਤਹਿਸ ਨਹਿਸ ਹੋ ਚੁੱਕੇ ਪ੍ਰਸਾਸ਼ਨਿਕ ਪ੍ਰਬੰਧਾਂ ਦੇ ਮੁੱਦੇ ਦਾ ਹੱਲ ਕਰਨ ਦੀ ਬਜਾਇ ਮੁੱਖ ਮੰਤਰੀ ਨੇ ਜੇਲ੍ਹ ਮੰਤਰੀ ਨੂੰ ਕਲੀਨ ਚਿਟ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਜੇਲ੍ਹ ਦੇ ਉਸ ਸੁਰੱਖਿਅਤ ਇਲਾਕੇ ਅੰਦਰ ਗੋਲੀ ਮਾਰ ਦੇਣ ਦੇ ਹੁਕਮ ਕਿਉਂ ਜਾਰੀ ਕੀਤੇ ਗਏ, ਜਿੱਥੇ ਕੈਦੀਆਂ ਕੋਲ ਸਿਵਾਇ ਇੱਟਾਂ ਦੇ ਹੋਰ ਕੁੱਝ ਨਹੀਂ ਸੀ। ਕੈਪਟਨ ਅਮਰਿੰਦਰ ਨੂੰ ਇਸ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਕਰਾਉਣ ਦਾ ਹੁਕਮ ਦੇਣਾ ਚਾਹੀਦਾ ਹੈ। ਜੇ ਅਜਿਹਾ ਨਾ ਕੀਤਾ ਗਿਆ ਤਾਂ ਆਉਣ ਵਾਲੀ ਅਕਾਲੀ-ਭਾਜਪਾ ਸਰਕਾਰ ਇਸ ਗੋਲੀਬਾਰੀ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਦੀ ਕਾਨੂੰਨ ਮੁਤਾਬਿਕ ਜੁਆਬਦੇਹੀ ਕਰੇਗੀ।