Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲਈ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 8 ਅਕਤੂਬਰ ਨੂੰ ਵੀ ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਆਕਾਸ਼ੀ ਬਿਜਲੀ ਦੀ ਸੰਭਾਵਨਾ ਹੈ।
ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਕਿਤੇ-ਕਿਤੇ ਮੀਂਹ ਪੈਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ ਨਾਲ ਆਕਾਸ਼ੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿੱਚ ਬਦਲਾਅ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 8 ਤੋਂ 10 ਅਕਤੂਬਰ ਤੱਕ ਗਰਜ-ਚਮਕ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਪ੍ਰਭਾਵ ਰਹਿ ਸਕਦਾ ਹੈ। 9 ਅਤੇ 10 ਅਕਤੂਬਰ ਨੂੰ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਮੀ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪੱਛਮੀ ਵਿਗਾੜ ਦਾ ਪ੍ਰਭਾਵ ਹੁਣ ਕਮਜ਼ੋਰ ਪੈ ਰਿਹਾ ਹੈ ਅਤੇ ਦੱਖਣੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਸਰਕੂਲੇਸ਼ਨ ਵੀ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਵਿੱਚ ਮੌਸਮ ਵਿੱਚ ਆਇਆ ਬਦਲਾਅ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























