Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਬੀਤੇ ਦਿਨ ਪਏ ਮੀਂਹ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.8°C ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਇਹ ਆਮ ਨਾਲੋਂ 8.6°C ਘੱਟ ਹੈ। ਤਾਪਮਾਨ ਘਟਣ ਨਾਲ ਲੋਕਾਂ ਨੂੰ ਠੰਢ ਮਹਿਸੂਸ ਹੋਈ। ਮੌਸਮ ਵਿਭਾਗ ਅਨੁਸਾਰ, 12 ਤੋਂ 15 ਅਕਤੂਬਰ ਤੱਕ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਹਾਲਾਤਾਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਕੁਝ ਖੇਤਰਾਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।























