ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ
ਅੰਮ੍ਰਿਤਸਰ, 12 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੀਤੇ ਦਿਨੀਂ ਪੁਲਿਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਸਮੇਤ ਅੰਦਰ ਦਾਖਲ ਹੋਣ ਦੀ ਘਟਨਾ ‘ਤੇ ਆਮ ਆਦਮੀ ਪਾਰਟੀ (ਆਪ) ਨੇ ਗੰਭੀਰ ਚਿੰਤਾ ਤੇ ਰੋਸ ਪ੍ਰਗਟਾਇਆ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ‘ਆਪ’ ਦੇ ਵਿਧਾਇਕ ਸਾਹਿਬਾਨ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇੱਕ ਮੰਗ ਪੱਤਰ ਸੌਂਪਣ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਕਾਫ਼ਲਾ ਅੱਜ ਅੰਮ੍ਰਿਤਸਰ ਦੇ ਸਰਕਟ ਹਾਊਸ ਤੋਂ ਇਕੱਠਾ ਹੋ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਵੇਗਾ। ਇਹ ਸਾਰੇ ਆਗੂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸਿੰਘ ਸਾਹਿਬ/ਜਥੇਦਾਰ ਸਾਹਿਬ ਨੂੰ ਆਪਣਾ ਮੰਗ ਪੱਤਰ ਦੇਣਗੇ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਦਿੱਲੀ ਪੁਲਿਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸ਼ਹਿ ‘ਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਪੁਲਿਸ ਮੁਲਾਜ਼ਮਾਂ ਦਾ ਜੁੱਤੀਆਂ ਸਮੇਤ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਦਾਖਲ ਹੋਣਾ ਸਿੱਖ ਸੰਗਤ ਅਤੇ ਗੁਰੂ ਘਰ ਦੀ ਮਰਿਆਦਾ ਦਾ ਅਨਾਦਰ ਹੈ, ਜਿਸ ਨਾਲ ਪੂਰੀ ਦੁਨੀਆ ਵਿੱਚ ਬੈਠੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
‘ਆਪ’ ਵਿਧਾਇਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਬਉੱਚ ਸੰਸਥਾ ਹੈ, ਇਸ ਲਈ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਇਸ ਪੂਰੇ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਦੋਸ਼ੀ ਪੁਲਿਸ ਪ੍ਰਸ਼ਾਸਨ ਤੇ ਇਸ ਪਿੱਛੇ ਸ਼ਾਮਲ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰਨ, ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰੂ ਘਰ ਦੀ ਪਵਿੱਤਰਤਾ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰ ਸਕੇ।























