SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ
ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ ਗੜਬੜੀ ਦੇ ਖਿਲਾਫ ਕਾਂਗਰਸ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਜਿਸ ਵਿੱਚ ਰਾਹੁਲ ਗਾਂਧੀ, ਅਖਿਲੇਸ਼ ਯਾਦਵ, ਤੇਜਸਵੀ ਯਾਦਵ ਸਮੇਤ 11 ਵਿਰੋਧੀ ਨੇਤਾ ਪਟੀਸ਼ਨਕਰਤਾ ਹਨ। ਇਸ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਧਿਰ ਬਣਾਇਆ ਗਿਆ ਹੈ।
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਬਾਰਾਂਖੰਭਾ ਤੋਂ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ। ਇਹ ਪਹਿਲਾ ਮੌਕਾ ਹੈ ਜਦੋਂ ਵਿਰੋਧੀ ਨੇਤਾਵਾਂ ਨੇ ਕਿਸੇ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ ਹੈ। ਕਰੀਬ ਇੱਕ ਕਿਲੋਮੀਟਰ ਲੰਬੇ ਇਸ ਮਾਰਚ ਵਿੱਚ ਵਿਰੋਧੀ ਧਿਰ ਦੇ ਨੇਤਾ ਬੱਸ ਵਿੱਚ, ਪੈਦਲ ਅਤੇ ਵਾਹਨਾਂ ਵਿੱਚ ਸਵਾਰ ਹੋਏ।
ਮਾਰਚ ਤੋਂ ਪਹਿਲਾਂ ਰਾਹੁਲ ਗਾਂਧੀ ਨੇ 40 ਮਿੰਟ ਦੀ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਵਿਰੋਧੀ ਧਿਰ ਦਾ ਮਾਰਚ ਸ਼ਿਵ ਜੀ ਦੀ ਬਰਾਤ ਵਾਂਗ ਹੈ, ਇਸ ਵਿੱਚ ਕੋਈ ਵੀ ਸ਼ਾਮਲ ਹੋ ਸਕਦਾ ਹੈ।ਐਤਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਨੂੰ ਪੱਤਰ ਲਿਖਿਆ ਸੀ ਅਤੇ ਮੰਗ ਪੱਤਰ ਸੌਂਪਣ ਲਈ ਸਮਾਂ ਮੰਗਿਆ ਸੀ। ਪਰ ਸੀ.ਜੇ.ਆਈ. ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























