Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਮੋਹਾਲੀ, 15 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਇੱਕ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹਰਿਆਣਾ ਅਧਾਰਤ ਹਥਿਆਰ ਸਪਲਾਇਰ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਇੱਕ ਗਲੌਕ ਸਮੇਤ 10 ਆਧੁਨਿਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚੋਂ ਦੇਸੀ ਹਥਿਆਰਾਂ ਦੀ ਤਸਕਰੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਲਈ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਵੇਚਦੇ ਸਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਇਸ ਸਬੰਧੀ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























