Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ
– ਦੋ ਹੋਰ ਗੰਭੀਰ ਜ਼ਖ਼ਮੀ
ਗੁਰਦਾਸਪੁਰ, 16 ਅਕਤੂਬਰ (ਵਿਸ਼ਵ ਵਾਰਤਾ): ਸ੍ਰੀ ਹਰਗੋਬਿੰਦਪੁਰ ਸਾਹਿਬ ਇਲਾਕੇ ਦੇ ਪਿੰਡ ਮਾੜੀ ਫਾਵਾਂ ਵਿੱਚ ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਬਿਕਰਮਜੀਤ ਸਿੰਘ (40) ਦੀ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਹੈ।
ਹਸਪਤਾਲ ਵਿੱਚ ਇਲਾਜ ਅਧੀਨ ਗੁਰਮੁਖ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਸ਼ਿਕਾਇਤ ਸੀ ਕਿ ਨਸ਼ਾ ਵੇਚਣ ਵਾਲੇ ਵਿਅਕਤੀ ਰੋਜ਼ਾਨਾ ਗਲੀ ਵਿੱਚ ਖੜ੍ਹੇ ਰਹਿੰਦੇ ਹਨ, ਜਿਸ ਕਾਰਨ ਔਰਤਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਵੀਰਵਾਰ ਨੂੰ ਜਦੋਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਹਮਲਾਵਰਾਂ ਨੇ ਤਿੰਨਾਂ ’ਤੇ ਹਮਲਾ ਕਰ ਦਿੱਤਾ।
ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਝਗੜੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























