ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ
ਮਾਲਕੀ ਹੱਕ ਮਿਲਣ ਨਾਲ ਲੋਕਾਂ ਦੇ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਵਿੱਚ ਹੋਵੇਗਾ ਵਾਧਾ: ਤਰੁਨਪ੍ਰੀਤ ਸਿੰਘ ਸੌਂਦ
ਲੁਧਿਆਣਾ, 24 ਅਕਤੂਬਰ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਦੀ ਲੋਕ ਪੱਖੀ ਪਹਿਲਕਦਮੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਹਲਕਾ ਖੰਨਾ ਦੇ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ ਕੁੱਲ 447 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਉਪਰਾਲੇ ਤਹਿਤ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਮਹਿੰਦੀਪੁਰ ਦੇ 125 ਅਤੇ ਪਿੰਡ ਇਕੋਲਾਹੀ ਦੇ 322 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਉਦੇਸ਼ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਕਾਨੂੰਨੀ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀ ਪਛਾਣ ਅਤੇ ਸੁਰੱਖਿਆ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਸਨ, ਪਰ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਰਾਹੀਂ ਅਜਿਹੇ ਪਰਿਵਾਰਾਂ ਨੂੰ ਮਾਲਕੀ ਦੇ ਦਸਤਾਵੇਜ਼ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਰਾਹ ਖੁੱਲ੍ਹਿਆ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਲੋਕ ਆਪਣੇ ਘਰਾਂ ਦੀ ਬਿਹਤਰ ਸੰਭਾਲ ਅਤੇ ਸੁਧਾਰ ਕਰਨ ਦੇ ਨਾਲ-ਨਾਲ ਭਵਿੱਖ ਦੀ ਯੋਜਨਾਬੰਦੀ ਵੀ ਵਧੇਰੇ ਭਰੋਸੇ ਨਾਲ ਕਰ ਸਕਣਗੇ। ਪ੍ਰਾਪਰਟੀ ਕਾਰਡ ਮਿਲਣ ਨਾਲ ਜਾਇਦਾਦ ਦੀ ਖਰੀਦ-ਵੇਚ ਅਤੇ ਹੋਰ ਜਾਇਦਾਦ ਸਬੰਧੀ ਕੰਮਾਂ ਵਿੱਚ ਵੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਦੇ ਹੱਕਾਂ, ਸਨਮਾਨ ਅਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਪ੍ਰਤੀ ਸੁਰੱਖਿਆ ਅਤੇ ਭਵਿੱਖ ਲਈ ਨਵਾਂ ਭਰੋਸਾ ਮਿਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























