Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ
ਨਵੀ ਦਿੱਲੀ, 2 ਨਵੰਬਰ 2026 (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਦਿੱਲੀ – ਐੱਨ.ਸੀ.ਆਰ ‘ਚ 7 ਅਤੇ 8 ਨਵੰਬਰ, 2026 ਨੂੰ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਪਟਾਕੇ ਸਵੇਰੇ 6 ਵਜੇ ਤੋਂ 7 ਵਜੇ ਤੱਕ ਅਤੇ ਰਾਤ 8 ਵਜੇ ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ।
ਸਰਵਉੱਚ ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਹਸਪਤਾਲਾਂ, ਨਰਸਿੰਗ ਹੋਮਾਂ, ਪ੍ਰਾਇਮਰੀ ਅਤੇ ਜ਼ਿਲ੍ਹਾ ਸਿਹਤ ਕੇਂਦਰਾਂ, ਬਿਰਧ ਆਸ਼ਰਮਾਂ ਅਤੇ ਨੋਟੀਫਾਈਡ ਸ਼ਾਂਤ ਖੇਤਰਾਂ (ਸਾਈਲੈਂਸ ਜ਼ੋਨ) ਦੇ 300 ਮੀਟਰ ਦੇ ਘੇਰੇ ਵਿੱਚ ਕੋਈ ਵੀ ਪਟਾਕਾ ਨਹੀਂ ਚਲਾਇਆ ਜਾਵੇਗਾ।
ਅਦਾਲਤ ਨੇ ਕਿਹਾ ਹੈ ਕਿ ਇਨ੍ਹਾਂ ਸਾਰੇ ਖੇਤਰਾਂ ਦੇ ਨਾਲ-ਨਾਲ, ਵਿਦਿਅਕ ਸੰਸਥਾਵਾਂ ਨੂੰ ਵੀ ‘ਪਟਾਕੇ-ਮੁਕਤ ਖੇਤਰ’ (no-cracker zones) ਐਲਾਨਿਆ ਜਾਵੇਗਾ। ਇਨ੍ਹਾਂ ਖੇਤਰਾਂ ਦੀ ਢੁਕਵੀਂ ਨਿਸ਼ਾਨਦੇਹੀ ਕੀਤੀ ਜਾਵੇਗੀ ਅਤੇ ਆਮ ਲੋਕਾਂ ਨੂੰ ਇਨ੍ਹਾਂ ਬਾਰੇ ਸੂਚਿਤ ਕੀਤਾ ਜਾਵੇਗਾ।
ਸੁਣਵਾਈ ਦੌਰਾਨ ਕੇਂਦਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਆਫ਼ ਇੰਡੀਆ ਐਸ਼ਵਰਿਆ ਭਾਟੀ ਨੇ ਦਿੱਲੀ ਸਰਕਾਰ ਅਤੇ ਵਾਯੂ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਵਿਸਥਾਰਤ ਕਾਰਜ-ਯੋਜਨਾ ਤਿਆਰ ਕੀਤੀ ਹੈ। ਇਸ ਵਿੱਚ ਪੁਰਾਣੇ ਵਾਹਨਾਂ ‘ਤੇ ਪਾਬੰਦੀ, ਨਿਰਮਾਣ ਅਤੇ ਢਾਹੁਣ ਦੀਆਂ ਗਤੀਵਿਧੀਆਂ ‘ਤੇ ਰੋਕ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਵਰਗੇ ਕਦਮ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























