Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ
– ਮੀਂਹ ਦੀ ਕੋਈ ਸੰਭਾਵਨਾ ਨਹੀਂ; ਤਾਪਮਾਨ ਵਿੱਚ ਗਿਰਾਵਟ ਸ਼ੁਰੂ
ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਤਾਪਮਾਨ ਵਿੱਚ ਗਿਰਾਵਟ ਆਉਣ ਲੱਗੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ ਅਤੇ ਹੁਣ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.6 ਡਿਗਰੀ ਰਿਹਾ, ਜੋ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ 4 ਨਵੰਬਰ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਵਧੇਗੀ, ਜਦਕਿ ਦਿਨ ਵੇਲੇ ਅਸਮਾਨ ਸਾਫ਼ ਰਹਿਣ ਅਤੇ ਤੇਜ਼ ਧੁੱਪ ਨਿਕਲਣ ਦੇ ਆਸਾਰ ਹਨ।
ਪੰਜਾਬ ਅਤੇ ਚੰਡੀਗੜ੍ਹ ਦੇ ਉੱਤਰੀ ਪਾਸੇ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਸਰਗਰਮ ਹੈ, ਪਰ ਫਿਲਹਾਲ ਇਸ ਦਾ ਸੂਬੇ ਦੇ ਮੌਸਮ ’ਤੇ ਕੋਈ ਖਾਸ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫਰਕ ਅਤੇ ਹਵਾਵਾਂ ਦੀ ਮੱਠੀ ਰਫ਼ਤਾਰ ਕਾਰਨ ਸਵੇਰੇ ਅਤੇ ਸ਼ਾਮ ਸਮੇਂ ਧੁੰਦ ਤੇ ਸਮੌਗ ਦੀ ਸਥਿਤੀ ਬਣੀ ਰਹਿ ਸਕਦੀ ਹੈ।
ਸਿਹਤ ਮਾਹਿਰਾਂ ਨੇ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਦਮੇ ਦੇ ਮਰੀਜ਼ਾਂ ਨੂੰ ਸਵੇਰੇ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।























