ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ
– ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਕੀਤਾ ਵੱਡਾ ਐਲਾਨ
ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਤੋਂ ਪਹਿਲਾਂ ਚੰਦੂਮਾਜਰਾ ਨੇ ਕਿਹਾ ਕਿ ਸਮੇਂ ਦੇ ਹਾਲਾਤ, ਅਤੇ ਪੰਜਾਬ ਦੀ ਸਥਿਤੀ ਅਜਿਹੀ ਹੈ ਕਿ ਅਕਾਲੀ ਦਲ ਇਕੱਠਾ ਹੋਵੇ।
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਵਿਧਾਨ ਸਭਾ ਚੋਣ ਨਹੀਂ ਲੜਾਂਗਾ, ਮੇਰਾ ਬੇਟਾ ਹੀ ਚੋਣ ਲੜੇਗਾ। ਨਾਲ ਹੀ ਉਨ੍ਹਾਂ ਐਲਾਨ ਕੀਤਾ ਹੈ ਕਿ ਉਹ (ਹਰਿੰਦਰਪਾਲ) ਸਨੌਰ ਤੋਂ ਹੀ ਚੋਣ ਲੜਨਗੇ।
ਦੱਸ ਦਈਏ ਕਿ ਬੀਤੀ 4 ਨਵੰਬਰ 2026 ਨੂੰ ਪ੍ਰੋ. ਚੰਦੂਮਾਜਰਾ ਨੇ ਅਕਾਲੀ ਦਲ (ਪੁਨਰਸੁਰਜੀਤ) ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਦੇ ਅਗਲੇ ਹੀ ਦਿਨ ਯਾਨੀ 5 ਨਵੰਬਰ ਨੂੰ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਇਸ ਧੜੇ ਨੂੰ ਛੱਡ ਦਿੱਤਾ ਸੀ।























