Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…
ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਨਾਲ ਜੁੜੇ ਮੁਲਾਜ਼ਮਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਉਨ੍ਹਾਂ ਦਾ DA 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਕੁਝ ਸਮਾਂ ਪਹਿਲਾਂ ਹੀ ਰੈਗੂਲਰ ਕੀਤੀਆਂ ਗਈਆਂ ਸਨ।
ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਵਚਨਬੱਧ ਹੈ। ਉਨ੍ਹਾਂ ਮੁਲਾਜ਼ਮਾਂ ਸਮੇਤ ਸੂਬੇ ਦੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ।





















