Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ
ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਅੱਜ ਸਵੇਰੇ ਉਨ੍ਹਾਂ ਦੇ ਘਰ ਲਿਆਂਦਾ ਗਿਆ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ। ਦੀਵਾਲੀ ਵਾਲੇ ਦਿਨ ਅੱਜ 8 ਨਵੰਬਰ ਨੂੰ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।
ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਸਵੇਰੇ 5 ਵਜੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਦੇਹ ਲੈ ਕੇ ਮਾਨਸਾ ਲਈ ਰਵਾਨਾ ਹੋਏ। ਪਰਿਵਾਰ ਨੇ ਸਸਕਾਰ ਲਈ ਚਕੇਰੀਆ ਰੋਡ ਸਥਿਤ ਆਪਣੇ ਜੱਦੀ ਖੇਤ ਦੀ ਚੋਣ ਕੀਤੀ ਹੈ। ਇਸੇ ਖੇਤ ਵਿੱਚ ਉਨ੍ਹਾਂ ਦੀ ਚਿਖਾ ਸਜਾਈ ਜਾਵੇਗੀ ਅਤੇ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ’ਤੇ ਗੋਲੀਆਂ ਮਾਰ ਕੇ ਪਰਵਿੰਦਰ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਕਰੀਬ 26 ਦਿਨਾਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ।






















