Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ
– ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਘਰ ਪਹੁੰਚਣਗੇ
ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਪਹੁੰਚਣਗੇ।
ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੇ ਬੇਗੋਵਾਲ ਆਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਦੇ ਘਰ ਅਕਾਲੀ ਵਰਕਰਾਂ ਦੀਆਂ ਸਰਗਰਮੀਆਂ ਵੀ ਵਧ ਗਈਆਂ ਹਨ। ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਵਰਕਰਾਂ ਦਾ ਆਉਣਾ-ਜਾਣਾ ਜਾਰੀ ਹੈ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ। ਹੁਣ ਉਨ੍ਹਾਂ ਦੀ ਸੰਭਾਵਿਤ ਵਾਪਸੀ ਦੀਆਂ ਖ਼ਬਰਾਂ ਨੂੰ ਪੰਜਾਬ ਦੀ ਪੰਥਕ ਅਤੇ ਸਿਆਸੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਪਾਰਟੀ ਵਿੱਚ ਮੁੜ ਸ਼ਮੂਲੀਅਤ ਸਬੰਧੀ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ।






















