Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ
ਤਰਨਤਾਰਨ, 14 ਨਵੰਬਰ (ਵਿਸ਼ਵ ਵਾਰਤਾ): ਦੇਸ਼ ਭਰ ਵਿੱਚ ਅੱਜ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਹ ਦਿਨ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਬੱਚਿਆਂ ਨਾਲ ਉਨ੍ਹਾਂ ਦੇ ਖ਼ਾਸ ਲਗਾਅ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ। ਬਾਲ ਦਿਵਸ ਮਨਾਉਣ ਦਾ ਮੁੱਖ ਮਕਸਦ ਬੱਚਿਆਂ ਦੇ ਅਧਿਕਾਰਾਂ, ਸਿੱਖਿਆ, ਸਿਹਤ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਮੌਕੇ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਂਦੇ ਹਨ।
14 ਨਵੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ ?
ਬਾਲ ਦਿਵਸ ਦੀ ਤਾਰੀਖ ਦਾ ਸਬੰਧ ਪੰਡਿਤ ਜਵਾਹਰ ਲਾਲ ਨਹਿਰੂ ਨਾਲ ਹੈ। ਸਾਲ 1964 ਵਿੱਚ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਜਨਮ ਦਿਨ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤ ਵਿੱਚ 20 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਸੀ। ਇਹ ਤਾਰੀਖ ਸੰਯੁਕਤ ਰਾਸ਼ਟਰ ਵੱਲੋਂ ਮਨਾਏ ਜਾਂਦੇ ਵਿਸ਼ਵ ਬਾਲ ਦਿਵਸ ਨਾਲ ਜੁੜੀ ਹੋਈ ਸੀ। ਨਹਿਰੂ ਬੱਚਿਆਂ ਦੇ ਵਿਕਾਸ, ਪੜ੍ਹਾਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਬਹੁਤ ਮਹੱਤਵ ਦਿੰਦੇ ਸਨ। ਇਸੇ ਕਾਰਨ ਉਨ੍ਹਾਂ ਦੀ ਯਾਦ ਵਿੱਚ ਉਨ੍ਹਾਂ ਦਾ ਜਨਮ ਦਿਨ ਬੱਚਿਆਂ ਨੂੰ ਸਮਰਪਿਤ ਕਰ ਦਿੱਤਾ ਗਿਆ।
ਕੌਣ ਸਨ ਪੰਡਿਤ ਜਵਾਹਰ ਲਾਲ ਨਹਿਰੂ ?
ਪੰਡਿਤ ਜਵਾਹਰ ਲਾਲ ਨਹਿਰੂ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ। ਉਨ੍ਹਾਂ ਦਾ ਜਨਮ 14 ਨਵੰਬਰ 1889 ਨੂੰ ਇਲਾਹਾਬਾਦ (ਹੁਣ ਪ੍ਰਯਾਗਰਾਜ) ਵਿੱਚ ਹੋਇਆ ਸੀ। ਉਹ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੀ ਸਰਗਰਮ ਰਹੇ ਅਤੇ ਆਜ਼ਾਦੀ ਤੋਂ ਬਾਅਦ 1947 ਤੋਂ 1964 ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ।
ਬੱਚਿਆਂ ਨਾਲ ਪਿਆਰ ਅਤੇ ਲਗਾਅ ਕਾਰਨ ਉਨ੍ਹਾਂ ਨੂੰ ‘ਚਾਚਾ ਨਹਿਰੂ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਦੇਸ਼ ਦਾ ਭਵਿੱਖ ਬੱਚਿਆਂ ‘ਤੇ ਨਿਰਭਰ ਕਰਦਾ ਹੈ। ਇਸ ਲਈ ਬੱਚਿਆਂ ਨੂੰ ਚੰਗੀ ਸਿੱਖਿਆ, ਸਿਹਤਮੰਦ ਮਾਹੌਲ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ, ਤਾਂ ਜੋ ਉਹ ਵੱਡੇ ਹੋ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।























