Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ
ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ 15 ਨਵੰਬਰ, ਦਿਨ ਐਤਵਾਰ ਨੂੰ ਹੋਵੇਗੀ। ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਾਏ ਜਾ ਰਹੇ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਭਰ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਮਦ ਅਤੇ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਸਾਰੇ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਿਜਦਾ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ ਜਾਵੇਗਾ। ਇਸ ਮੌਕੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਮੂਹਿਕ ਯਤਨ ਕਰਨ ਦਾ ਸੰਕਲਪ ਲਿਆ ਜਾਵੇਗਾ। ਝੋਟਾ ਦੇ ਪਿਤਾ ਭੀਮ ਸਿੰਘ ਫੌਜੀ, ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਅਮਨਦੀਪ ਸਿੰਘ ਪਟਵਾਰੀ ਅਤੇ ਗਗਨਦੀਪ ਸਿੰਘ ਸਿਰਸੀਵਾਲਾ ਨੇ ਪੰਜਾਬ ਵਾਸੀਆਂ ਨੂੰ ਇਸ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਦੱਸ ਦਈਏ ਕਿ ਬੀਤੇ ਦਿਨ ਦੀਵਾਲੀ ਵਾਲੇ ਦਿਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਉਸਦੀ ਮੌਤ ਤੋਂ 26 ਦਿਨ ਬਾਅਦ ਅੰਤਿਮ ਸਸਕਾਰ ਕੀਤਾ ਗਿਆ ਸੀ। ਉਸਦੇ ਪਿਤਾ, ਭੀਮ ਸਿੰਘ, ਅਤੇ ਦੋ ਪੁੱਤਰਾਂ, ਅੰਗਦਵੀਰ ਅਤੇ ਹਰਫਤੇਹ ਨੇ ਅੰਤਿਮ ਸਸਕਾਰ ਦੀ ਚਿਤਾ ਨੂੰ ਅਗਨੀ ਦਿੱਤੀ ਸੀ। ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਉਸਦੇ ਪੁਰਖਿਆਂ ਦੀ ਜ਼ਮੀਨ ‘ਚ ਕੀਤਾ ਗਿਆ ਹੈ। ਸ਼ਨੀਵਾਰ, 7 ਨਵੰਬਰ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ, ਝੋਟਾ ਦੀ ਲਾਸ਼ 8 ਨਵੰਬਰ ਨੂੰ ਸਵੇਰੇ 5 ਵਜੇ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ।
ਪਰਵਿੰਦਰ ਝੋਟਾ ਦਾ 13 ਅਕਤੂਬਰ ਨੂੰ ਇੱਕ ਕੈਮਿਸਟ ਨੇ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ‘ਤੇ ਗੋਲੀ ਮਾਰ ਦਿੱਤੀ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।























