Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ
ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਵੱਲੋਂ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਥੋਪੀਆ ਤੋਂ ਅਫਰੀਦੀ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਅਗਲੀ ਵੱਡੀ ਕਾਰਵਾਈ ਕਰਦਿਆਂ, ਸੰਗਠਿਤ ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਸਮੇਤ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ। ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਸਰਹੱਦ ਪਾਰੋਂ ਨਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਵੀ ਕਥਿਤ ਤੌਰ ‘ਤੇ ਸ਼ਾਮਲ ਸਨ। ਵਿਦੇਸ਼ੀ ਹੈਂਡਲਰਾਂ ਵੱਲੋਂ ਇਨ੍ਹਾਂ ਨੂੰ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।
ਇਸ ਅਪਰਾਧਿਕ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਸਮੁੱਚੇ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਨਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।























