PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ
ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਮਨੀਲਾ ਪਹੁੰਚ ਗਏ ਹਨ। ਇਸ ਦੌਰਾਨ ਮਨੀਲਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਅੱਜ ਉਹ ਕਵਾਡ ਸੰਮੇਲਨ ’ਚ ਹਿੱਸਾ ਲੈਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23ਵੇਂ ASEAN-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।
ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਮੁਲਾਕਾਤ ਕਰਨਗੇ। ਦੋਵੇਂ ਆਗੂ ਕਵਾਡ ਦੇਸ਼ਾਂ ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਪਹੰਚੇ ਹਨ। ਕਵਾਡ ਗਰੁੱਪ ਵਿੱਚ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਸ਼ਾਮਲ ਹਨ। ਇਸ ਦਾ ਮੁੱਖ ਉਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਅਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਬੈਠਕ ਵਿੱਚ ਮੋਦੀ ਅਤੇ ਟਰੰਪ ਤੋਂ ਇਲਾਵਾ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨੇ ਤਾਕਾਈਚੀ ਵੀ ਹਿੱਸਾ ਲੈਣਗੇ।
ਦੱਸ ਦਈਏ ਕਿ ਚਾਰੇ ਦੇਸ਼ਾਂ ਦੇ ਆਗੂ ਇਸ ਤੋਂ ਪਹਿਲਾਂ ਸਤੰਬਰ 2024 ਵਿੱਚ ਅਮਰੀਕਾ ਦੇ ਡੇਲਾਵੇਅਰ ਵਿਖੇ ਮਿਲੇ ਸਨ। ਉਸ ਸਮੇਂ ਤਤਕਾਲੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਬੈਠਕ ਦੀ ਪ੍ਰਧਾਨਗੀ ਕੀਤੀ ਸੀ।























