Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ
ਨਵੀਂ ਦਿੱਲੀ, 17 ਨਵੰਬਰ ( ਵਿਸ਼ਵ ਵਾਰਤਾ) – ਕਾਂਗਰਸ ਸੰਸਦੀ ਦਲ (ਸੀ.ਪੀ.ਪੀ.) ਦੀ ਪ੍ਰਧਾਨ ਸੋਨੀਆ ਗਾਂਧੀ ਦੀ ਸਵੈ-ਜੀਵਨੀ ਸੋਮਵਾਰ ਨੂੰ ਰਿਲੀਜ਼ ਹੋਈ। ਪਰ ਇਸ ਦੌਰਾਨ ਸਭ ਤੋਂ ਜ਼ਿਆਦਾ ਖਾਸ ਗੱਲ ਇਹ ਰਹੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਏ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਦੀ ਅਧਿਕਾਰਤ ਲਾਂਚਿੰਗ ਮੌਕੇ ਪਹੁੰਚੇ। ਉਨ੍ਹਾਂ ਦੀ ਇਸ ਮੌਜੂਦਗੀ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਕੈਪਟਨ ਦਾ ਇਸ ਸਮਾਗਮ ਵਿੱਚ ਪਹੁੰਚਣਾ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਸੋਨੀਆ ਗਾਂਧੀ ਦੀ ਕਿਤਾਬ ਵਿੱਚ ਕੀਤੇ ਗਏ ਦਾਅਵਿਆਂ ਨੂੰ ਲੈ ਕੇ ਭਾਜਪਾ ਪੰਜਾਬ ਤੋਂ ਲੈ ਕੇ ਕੌਮੀ ਪੱਧਰ ਤੱਕ ਸਵਾਲ ਉਠਾ ਰਹੀ ਹੈ। ਪਰ ਆਗਾਮੀ ਪੰਜਾਬ ਚੋਣਾਂ ਤੋਂ ਪਹਿਲਾਂ ਇਸ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਨੂੰ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਆਪਣੀ ਅਣਦੇਖੀ ਹੋਣ ਦੀ ਗੱਲ ਕਹਿ ਚੁੱਕੇ ਹਨ ਅਤੇ ਵਾਰ-ਵਾਰ ਕਾਂਗਰਸ ਦੀ ਤਾਰੀਫ਼ ਕਰਦੇ ਰਹੇ ਹਨ। ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਵੀ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਬਾਰੇ ਕਿਹਾ ਸੀ ਕਿ ਉਨ੍ਹਾਂ ਦਾ ਸਿਆਸੀ ਕੱਦ ਬਹੁਤ ਵੱਡਾ ਹੈ ਅਤੇ ਸਿਆਸਤ ਵਿੱਚ ਕੁਝ ਵੀ ਸੰਭਵ ਹੈ।
ਕੈਪਟਨ ਇਹ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਚਾਰ ਸਾਲ ਹੋ ਗਏ ਹਨ, ਪਰ ਪਾਰਟੀ ਵਿੱਚ ਆ ਕੇ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਨੂੰ ਨਹੀਂ ਸਮਝਦੀ। ਪਾਰਟੀ ਕਦੇ ਵੀ ਪੰਜਾਬ ਵਿੱਚ ਆਪਣੇ ਦਮ ’ਤੇ ਸੱਤਾ ਵਿੱਚ ਨਹੀਂ ਰਹੀ, ਇਸ ਲਈ ਉਸ ਨੂੰ ਸੂਬੇ ਦੀ ਸਿਆਸੀ ਵਿਵਸਥਾ ਨੂੰ ਸਮਝਣ ਲਈ ਤਜਰਬੇਕਾਰ ਆਗੂਆਂ ਦੀ ਸਲਾਹ ਲੈਣੀ ਚਾਹੀਦੀ ਹੈ।























