Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 16 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਤਿੰਨ ਰੋਜ਼ਾ ਹੜਤਾਲ ਅਤੇ ਧਰਨਾ-ਪ੍ਰਦਰਸ਼ਨ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮ ਯੂਨੀਅਨ ਅਤੇ ਪੰਜਾਬ ਸਰਕਾਰ ਵਿਚਾਲੇ ਅੱਜ 17 ਨਵੰਬਰ ਨੂੰ ਮੀਟਿੰਗ ਹੋਣ ਵਾਲੀ ਹੈ। ਮੀਟਿੰਗ ਕਰਨ ਹੜਤਾਲ ਜਾਂ ਕਿਸੇ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।
ਜਿਸ ਕਾਰਨ ਯੂਨੀਅਨ ਅਤੇ ਸਰਕਾਰ ਵਿਚਾਲੇ ਗੱਲਬਾਤ ਲਈ 17 ਨਵੰਬਰ ਦੀ ਤਰੀਕ ਤੈਅ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਸੰਘਰਸ਼ ਦਾ ਪ੍ਰੋਗਰਾਮ ਅੱਗੇ ਪਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਦੀ ਤਿਆਰੀ ਕਰ ਰਹੇ ਸਨ। ਇਸ ਤਹਿਤ 16 ਨਵੰਬਰ ਤੋਂ ਲਗਾਤਾਰ ਤਿੰਨ ਦਿਨ ਹੜਤਾਲ ਕਰਨ ਅਤੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ।
ਹੁਣ ਸਾਰੀਆਂ ਨਜ਼ਰਾਂ ਅੱਜ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਸਰਕਾਰ ਨਾਲ ਗੱਲਬਾਤ ਹੋਵੇਗੀ। ਮੀਟਿੰਗ ਦੇ ਨਤੀਜੇ ਤੋਂ ਬਾਅਦ ਹੀ ਯੂਨੀਅਨ ਵੱਲੋਂ ਅਗਲੀ ਰਣਨੀਤੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਫਿਲਹਾਲ ਯੂਨੀਅਨ ਨੇ ਮੀਟਿੰਗ ਤੱਕ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਨਾ ਕਰਨ ਦਾ ਫੈਸਲਾ ਕੀਤਾ ਹੈ। ਪਰ ਮੀਟਿੰਗ ਤੋਂ ਪਹਿਲਾਂ ਹੀ ਮੁਲਾਜ਼ਮ ਯੂਨੀਅਨਾਂ ਨੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ। ਯੂਨੀਅਨ ਆਗੂਆਂ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਮੀਟਿੰਗ ਦੌਰਾਨ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਸਹਿਮਤੀ ਨਹੀਂ ਬਣਦੀ ਤਾਂ ਸੂਬਾ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਜਾਵੇਗਾ।























