Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਲਗਭਗ ਖ਼ਤਮ ਹੋਣ ਦੇ ਕੰਢੇ ‘ਤੇ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਪ੍ਰਸ਼ਾਸਨਿਕ ਕਾਰਵਾਈ ਦੇ ਅੰਕੜੇ ਸਾਹਮਣੇ ਆ ਗਏ ਹਨ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਇਸ ਸੀਜ਼ਨ ਦੌਰਾਨ ਸੂਬੇ ਵਿੱਚ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ ਕੁੱਲ 5,972 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ 2,213 ਕਿਸਾਨਾਂ ’ਤੇ 1.11 ਕਰੋੜ ਰੁਪਏ ਤੋਂ ਵੱਧ ਦਾ ਵਾਤਾਵਰਣ ਮੁਆਵਜ਼ਾ (EC) ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 1,829 ਕਿਸਾਨਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕੀਤੇ ਗਏ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ 1,607 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਜ਼ਿਲ੍ਹਾਵਾਰ ਅੰਕੜਿਆਂ ਮੁਤਾਬਕ ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ 817 ਘਟਨਾਵਾਂ ਦਰਜ ਕੀਤੀਆਂ ਗਈਆਂ। ਇੱਥੇ 420 ਕਿਸਾਨਾਂ ’ਤੇ 21 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ 303 FIR ਦਰਜ ਹੋਈਆਂ। ਇਸ ਤੋਂ ਬਾਅਦ ਤਰਨਤਾਰਨ ਵਿੱਚ 700 ਅਤੇ ਸੰਗਰੂਰ ਵਿੱਚ 669 ਮਾਮਲੇ ਸਾਹਮਣੇ ਆਏ। ਤਰਨਤਾਰਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ 312 ਕਿਸਾਨਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕੀਤੇ ਗਏ। ਬਠਿੰਡਾ ‘ਚ 528, ਪਟਿਆਲਾ ‘ਚ 396, ਬਰਨਾਲਾ 342, ਲੁਧਿਆਣਾ ‘ਚ 327 ਅਤੇ ਮੋਗਾ ‘ਚ 310 ਮਾਮਲੇ ਸਾਹਮਣੇ ਆਏ ਹਨ।
ਦੂਜੇ ਪਾਸੇ ਪਠਾਨਕੋਟ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਸਿਰਫ਼ ਇੱਕ ਘਟਨਾ ਦਰਜ ਕੀਤੀ ਗਈ। ਇੱਥੇ ਕਿਸੇ ਕਿਸਾਨ ’ਤੇ ਜੁਰਮਾਨਾ ਨਹੀਂ ਲਗਾਇਆ ਗਿਆ ਅਤੇ ਨਾ ਹੀ ਕੋਈ FIR ਦਰਜ ਹੋਈ। ਅੰਕੜਿਆਂ ਅਨੁਸਾਰ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਨਾਲ-ਨਾਲ ਕਿਸਾਨਾਂ ਅਤੇ ਸਬੰਧਤ ਅਧਿਕਾਰੀਆਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਵੀ ਕੀਤੀ ਗਈ ਹੈ।























