Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਕੇਂਦਰੀ ਮੰਤਰੀ ਸੀ.ਆਰ. ਪਾਟਿਲ ਅੱਜ ਚੰਡੀਗੜ੍ਹ ਪਹੁੰਚੇ, ਜਿੱਥੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਦੀਆਂ ਕਈ ਅਹਿਮ ਮੀਟਿੰਗਾਂ ਹੋਣੀਆਂ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਸਰਕਾਰ ਬਣਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੇ ਆਧਾਰ ’ਤੇ ਭਾਜਪਾ ਦੀ ਸਰਕਾਰ ਬਣਾਈ ਜਾਵੇਗੀ।
ਅਕਾਲੀ ਦਲ ਨਾਲ ਸੰਭਾਵਿਤ ਗਠਜੋੜ ਬਾਰੇ ਪੁੱਛੇ ਜਾਣ ’ਤੇ ਪਾਟਿਲ ਨੇ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਸਿਆਸੀ ਸਮੀਕਰਨ ਬਣਦੇ ਹਨ। ਗਠਜੋੜ ਹੋਵੇਗਾ ਜਾਂ ਨਹੀਂ, ਇਸ ਬਾਰੇ ਫੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਸੁਖਬੀਰ ਸਿੰਘ ਬਾਦਲ ਨਾਲ ਕੋਈ ਮੀਟਿੰਗ ਨਹੀਂ ਹੋਈ।
ਮਨੀਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਬਾਰੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਰਹਿੰਦੇ ਹਨ। ਕਰਤਾਰਪੁਰ ਲਾਂਘੇ ਬਾਰੇ ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਾਂ ਵੀ ਇਸ ਨੂੰ ਖੋਲ੍ਹਣ ਲਈ ਯਤਨ ਕੀਤੇ ਸਨ, ਜਿਨ੍ਹਾਂ ਵਿੱਚ ਸਫਲਤਾ ਮਿਲੀ ਸੀ। ਭਵਿੱਖ ਵਿੱਚ ਵੀ ਇਸ ਸਬੰਧੀ ਹੋਰ ਯਤਨ ਕੀਤੇ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਦੇ ਸੋਨੀਆ ਗਾਂਧੀ ਦੀ ਕਿਤਾਬ ਦੇ ਲੋਕ-ਅਰਪਣ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਿਤੇ ਵੀ ਜਾਣ ਲਈ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਵੀ ਆਉਂਦੇ-ਜਾਂਦੇ ਰਹੇ ਹਨ। ਸੋਨੀਆ ਗਾਂਧੀ ਦੀ ਕਿਤਾਬ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਜੇ ਇਹ ਕਿਤਾਬ ਪੜ੍ਹੀ ਨਹੀਂ ਹੈ, ਇਸ ਲਈ ਉਹ ਇਸ ’ਤੇ ਕੋਈ ਟਿੱਪਣੀ ਨਹੀਂ ਕਰ ਸਕਦੇ। ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਪਾਟਿਲ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਥਿਤੀ ਤੋਂ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਹਾਲਾਤ ਵਿੱਚੋਂ ਬਾਹਰ ਨਿਕਲਣਾ ਚਾਹੁੰਦੇ ਹਨ।























