ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਿੰਡ ਬਾਲੀਆ ਮੰਝਪੁਰ ਤੋਂ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਹੋਈਆਂ ਰਵਾਨਾ
ਅੰਮ੍ਰਿਤਸਰ, 17 ਨਵੰਬਰ (ਵਿਸ਼ਵ ਵਾਰਤਾ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਬਾਲੀਆ ਮੰਝਪੁਰ ਤੋਂ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਹੁਣ ਤੱਕ 17,000 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7 ਲੱਖ ਤੋਂ ਵੱਧ ਸ਼ਰਧਾਲੂ ਇਸ ਪਹਿਲਕਦਮੀ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚਲਾਈਆਂ ਜਾਂਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਦਾ ਲਾਭ ਲੈ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।























