ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ ਹੈ। ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਹੈ ਅਤੇ ਦਿੱਲੀ ਦੀ ਸਿੱਖ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ। ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਘਟਨਾ ਅੰਦਰ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿੱਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਹੈ।
ਕਾਰਵਾਈ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਤਲਬ ਕੀਤਾ ਹੈ। ਜਥੇਦਾਰ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ 2026 ਨੂੰ ਸਵੇਰੇ 11 ਵਜੇ ਆਪਣੇ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।