Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ
ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀ.ਪੀ.ਐਸ.ਸੀ. (PPSC) ਵੱਲੋਂ ਸ਼ੁਰੂ ਕੀਤੀ ਗਈ ਪੀ.ਸੀ.ਐਸ. (PCS) ਅਧਿਕਾਰੀਆਂ ਦੀ ਭਰਤੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ, 2026 ਲਈ ਨਿਰਧਾਰਤ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਪੂਰਾ ਰਿਕਾਰਡ ਵੀ ਤਲਬ ਕੀਤਾ ਹੈ। ਅਦਾਲਤ ਨੇ ਵੱਖ-ਵੱਖ ਪਟੀਸ਼ਨਕਰਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭਰਤੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ।
ਅਦਾਲਤ ਨੇ ਅੱਜ ਸੁਣਵਾਈ ਕਰਦਿਆਂ ਪੀਸੀਐਸ ਮੇਨਜ਼ ਇੰਟਰਵਿਊ ‘ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ। ਪਿਛਲੀ ਸੁਣਵਾਈ ਦੌਰਾਨ, ਅਦਾਲਤ ਨੇ ਪੀਪੀਐਸਸੀ ਨੂੰ ਵਿਦਿਆਰਥੀਆਂ ਦੇ ਗੰਭੀਰ ਦੋਸ਼ਾਂ ‘ਤੇ ਆਪਣਾ ਜਵਾਬ ਅਤੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਾਉਣ ਦਾ ਸਪੱਸ਼ਟ ਨਿਰਦੇਸ਼ ਦਿੱਤਾ ਸੀ। ਕਮਿਸ਼ਨ ਦੀ ਨੁਮਾਇੰਦਗੀ ਕਰ ਰਹੇ ਆਤਮਾ ਰਾਮ ਨੇ ਅੱਜ ਦੀ ਸੁਣਵਾਈ ਵਿੱਚ ਆਪਣਾ ਜਵਾਬ ਦਾਇਰ ਕੀਤਾ, ਜਿਸ ਤੋਂ ਬਾਅਦ ਪਟੀਸ਼ਨਕਰਤਾ ਵਿਦਿਆਰਥੀਆਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਕੁਨਾਲ ਮੁਲਵਾਨੀ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।






















