Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ
ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ ਸਿੰਘ ਅੱਜ ਭਾਰੀ ਪੁਲਿਸ ਸੁਰੱਖਿਆ ਦੇ ਹੇਠ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬੀਤੇ ਕੱਲ੍ਹ ਹੀ ਦਿੱਲੀ ਲੈ ਆਈ ਸੀ ਅਤੇ ਉਨ੍ਹਾਂ ਨੂੰ ਰਾਤ ਨੂੰ ਸੁਰੱਖਿਅਤ ਘਰ (ਸੇਫ ਹਾਊਸ) ’ਚ ਰੱਖਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਸੜਕ ਰਾਹੀਂ ਲਿਆਂਦਾ ਜਾਵੇਗਾ ਜਾਂ ਹਵਾਈ ਜਹਾਜ਼ ਰਾਹੀਂ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਉਨ੍ਹਾਂ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ’ਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਅੱਜ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਕਰਵਾਇਆ ਜਾਵੇਗਾ।
ਜਿਸ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ 21 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਅੰਮ੍ਰਿਤਸਰ ਦੀ ਅਦਾਲਤ ਨੇ ਇਸ ਮਕਸਦ ਲਈ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ‘ਕਸਟਡੀ ਪੈਰੋਲ’ ਦਿੱਤੀ ਹੈ, ਜੋ ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗੀ। ਜਿਸ ਤੋਂ ਬਾਅਦ ਫੇਰ ਵਾਪਿਸ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।























