Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ
– ਆਪਣੀ ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਿਲ
ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਦੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਚੁੱਕੇ ਹਨ। ਅੱਜ ਸਵੇਰੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦਿੱਲੀ ਤੋਂ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਲੈ ਕੇ ਪਹੁੰਚੀ ਸੀ। ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਜਹਾਜ਼ ਰਾਹੀਂ ਲਿਆਂਦਾ ਗਿਆ। ਉਹ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਆਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ਵਿੱਚ ਉਨ੍ਹਾਂ ਦੇ ਪਿੰਡ ਲਿਆਂਦਾ ਗਿਆ ਹੈ। ਜਿੱਥੇ ਹੁਣ ਉਹ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੇ ਹਨ ਅਤੇ ਉਸ ਤੋਂ ਬਾਅਦ ਉਹ ਭਾਰੀ ਪੁਲਿਸ ਸੁਰੱਖਿਆ ਦੇ ਹੇਠ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਅੰਮ੍ਰਿਤਸਰ ਦੀ ਅਦਾਲਤ ਨੇ ਸਸਕਾਰ ‘ਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ‘ਕਸਟਡੀ ਪੈਰੋਲ’ ਦਿੱਤੀ ਹੈ, ਜੋ ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗੀ। ਅੰਮ੍ਰਿਤਪਾਲ ਸਿੰਘਸਿਰਫ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਮਿਲ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਦੇ ਕੋਈ ਵੀ ਬਿਆਨ ਦੇਣ ਅਤੇ ਭਾਸ਼ਣ ਦੇਣ ‘ਤੇ ਪਾਬੰਦੀ ਲਾਈ ਗਈ ਹੈ। ਸਸਕਾਰ ਤੋਂ ਬਾਅਦ ਫੇਰ ਵਾਪਿਸ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।
ਦੱਸ ਦਈਏ ਕਿ ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬੀਤੇ ਕੱਲ੍ਹ ਹੀ ਦਿੱਲੀ ਲੈ ਆਈ ਸੀ ਅਤੇ ਉਨ੍ਹਾਂ ਨੂੰ ਰਾਤ ਨੂੰ ਸੁਰੱਖਿਅਤ ਘਰ (ਸੇਫ ਹਾਊਸ) ’ਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ’ਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।























