National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ
– ਸਰਹੱਦ ਅਤੇ ਊਰਜਾ ਸਮੇਤ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ, PM ਮੋਦੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਦੇ ਸਰਕਾਰੀ ਦੌਰੇ ’ਤੇ ਭਾਰਤ ਪਹੁੰਚਣਗੇ। ਮਾਰਚ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ੀ ਦੁਵੱਲੀ ਯਾਤਰਾ ਹੈ। ਇਸ ਦੌਰੇ ਦੌਰਾਨ ਭਾਰਤ ਅਤੇ ਨੇਪਾਲ ਵਿਚਾਲੇ ਸਰਹੱਦ, ਊਰਜਾ ਅਤੇ ਆਪਸੀ ਸਹਿਯੋਗ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਨੇਪਾਲ ਦੇ ਵਿਦੇਸ਼ ਮੰਤਰਾਲੇ ਅਨੁਸਾਰ, ਇਹ ਯਾਤਰਾ ਦੋਵਾਂ ਦੇਸ਼ਾਂ ਦੀ ਵਿਆਪਕ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਲੋਕਾਂ ਲਈ ਆਪਸੀ ਲਾਭ ਵਧਾਉਣ ਦਾ ਅਹਿਮ ਮੌਕਾ ਹੋਵੇਗੀ।
ਬਾਲੇਂਦਰ ਸ਼ਾਹ, ਜੋ ਕਾਠਮੰਡੂ ਦੇ ਸਾਬਕਾ ਮੇਅਰ ਅਤੇ ਸਾਬਕਾ ਰੈਪਰ ਵੀ ਰਹਿ ਚੁੱਕੇ ਹਨ, 34 ਮੈਂਬਰੀ ਵਫ਼ਦ ਨਾਲ ਭਾਰਤ ਆਉਣਗੇ। ਵਫ਼ਦ ਵਿੱਚ ਵਿੱਤ ਮੰਤਰੀ ਸਵਰਨਿਮ ਵਾਗਲੇ, ਵਿਦੇਸ਼ ਮਾਮਲਿਆਂ ਦੇ ਮੰਤਰੀ ਸ਼ਿਸ਼ਿਰ ਖਨਾਲ, ਮੁੱਖ ਸਲਾਹਕਾਰ ਕੁਮਾਰ ਬਿਆੰਜੰਕਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।
ਸੋਮਵਾਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਾਲੇਂਦਰ ਸ਼ਾਹ ਵਿਚਾਲੇ ਵਫ਼ਦ ਪੱਧਰ ਦੀ ਗੱਲਬਾਤ ਹੋਵੇਗੀ। ਇਸ ਤੋਂ ਬਾਅਦ ਦੋਵੇਂ ਆਗੂ ਊਰਜਾ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਸਾਂਝੇ ਤੌਰ ’ਤੇ ਉਦਘਾਟਨ ਕਰਨਗੇ। ਦੌਰੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਦੁਵੱਲੇ ਸਮਝੌਤਿਆਂ ’ਤੇ ਵੀ ਦਸਤਖ਼ਤ ਕੀਤੇ ਜਾਣਗੇ। ਦੋਵੇਂ ਪ੍ਰਧਾਨ ਮੰਤਰੀ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਇਸ ਤੋਂ ਇਲਾਵਾ ਬਾਲੇਂਦਰ ਸ਼ਾਹ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ ਅਤੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕਰਨਗੇ। ਉਹ ਭਾਰਤ-ਨੇਪਾਲ ਬਿਜ਼ਨਸ ਫੋਰਮ ਵਿੱਚ ਵੀ ਸ਼ਿਰਕਤ ਕਰਨਗੇ, ਜਿੱਥੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਹੋਵੇਗੀ।






















