ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ
ਸੁਲਤਾਨਪੁਰ ਲੋਧੀ, 23 ਨਵੰਬਰ 2026 (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼ਰਧਾ ਅਤੇ ਉਤਸ਼ਾਹ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਨਗਰ ਕੀਰਤਨ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਦੌਰਾਨ ਸਮੂਹ ਸ਼ਖ਼ਸੀਅਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਨ ਸਰੂਪ ਵਾਲੀ ਪਾਲਕੀ ਸਾਹਿਬ ਅੱਗੇ ਸੀਸ ਨਿਵਾ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਮਨੁੱਖਤਾ ਦੀ ਸੇਵਾ, ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।
ਜ਼ਿਕਰਯੋਗ ਹੈ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਪਾਵਨ ਧਰਤੀ ’ਤੇ ਹਰ ਸਾਲ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਦਾ ਵੱਡਾ ਇਕੱਠ ਹੁੰਦਾ ਹੈ। ਇਸ ਵਾਰ ਵੀ ਨਗਰ ਕੀਰਤਨ ਦੌਰਾਨ ਸੰਗਤਾਂ ਦੇ ਉਤਸ਼ਾਹ ਅਤੇ ਸ਼ਰਧਾ ਨੇ ਪੂਰੀ ਸੁਲਤਾਨਪੁਰ ਲੋਧੀ ਨੂੰ ਗੁਰੂ ਨਾਨਕ ਨਾਮ ਦੀ ਰੰਗਤ ਵਿੱਚ ਰੰਗ ਦਿੱਤਾ।























