National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ
– ਦੋਸ਼ੀ ਇਰਫਾਨ ਸਿਰਾਜ ਪਾਹਾ 13 ਸਾਲ ਤੋਂ ਸੀ ਜੇਲ੍ਹ ‘ਚ
ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ 2002 ਦੇ ਗੋਧਰਾ ਰੇਲ ਅਗਨੀਕਾਂਡ ਦੇ ਦੋਸ਼ੀ ਇਰਫਾਨ ਸਿਰਾਜ ਪਾਹਾ ਦੀ ਉਮਰ ਕੈਦ ਦੀ ਸਜ਼ਾ ਨੂੰ ਮੈਡੀਕਲ ਆਧਾਰ ’ਤੇ ਮੁਅੱਤਲ ਕਰ ਦਿੱਤਾ ਹੈ। ਦੋਸ਼ੀ ਦੇ ਵਕੀਲ ਨੇ ਅਦਾਲਤ ਵਿੱਚ ਉਸ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਰਾਹਤ ਦੀ ਮੰਗ ਕੀਤੀ ਸੀ। ਵਕੀਲ ਮੁਤਾਬਕ ਪਾਹਾ ਪਿਛਲੇ 13 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।
ਸੁਣਵਾਈ ਦੌਰਾਨ ਗੁਜਰਾਤ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਜ਼ਾ ਮੁਅੱਤਲ ਕਰਨ ਦਾ ਫੈਸਲਾ ਸੁਣਾਇਆ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਰਾਹਤ ਸਿਰਫ਼ ਮੈਡੀਕਲ ਆਧਾਰ ’ਤੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਵਿੱਚ ਸਾਬਰਮਤੀ ਐਕਸਪ੍ਰੈੱਸ ਦੇ ਇੱਕ ਡੱਬੇ ਨੂੰ ਅੱਗ ਲੱਗ ਗਈ ਸੀ। ਇਸ ਹਾਦਸੇ ਵਿੱਚ 59 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਗੁਜਰਾਤ ਵਿੱਚ ਵੱਡੇ ਪੱਧਰ ’ਤੇ ਦੰਗੇ ਭੜਕ ਗਏ ਸਨ।























