
ਅੰਮ੍ਰਿਤਸਰ/ ਚੰਡੀਗੜ੍ਹ| 24 ਨਵੰਬਰ 2026 (ਵਿਸ਼ਵ ਵਾਰਤਾ )-ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਗ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਸਥਿਤ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਤਰੁਣ ਚੁਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੇਹੱਦ ਪਵਿੱਤਰ ਅਤੇ ਇਤਿਹਾਸਕ ਦਿਹਾੜਾ ਹੈ। ਇਸ ਪਾਵਨ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਭਲਾਈ, ਤਰੱਕੀ ਅਤੇ ਉੱਜਵਲ ਭਵਿੱਖ ਦੇ ਸਾਂਝੇ ਸੰਕਲਪ ਨਾਲ ਇਕੱਠੇ ਹੋਏ ਹਨ। ਦੋਵਾਂ ਪਾਰਟੀਆਂ ਦਾ ਉਦੇਸ਼ ਪੰਜਾਬ ਨੂੰ ਨਸ਼ਿਆਂ, ਗੈਂਗਸਟਰਾਂ, ਫਿਰੌਤੀ ਅਤੇ ਅਪਰਾਧ ਦੇ ਚੁੰਗਲ ਤੋਂ ਮੁਕਤ ਕਰਵਾ ਕੇ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲਿਜਾਣਾ ਹੈ।
ਚੁਗ ਨੇ ਕਿਹਾ ਕਿ ਅੱਜ ਅਸੀਂ ਗੁਰੂ ਮਹਾਰਾਜ ਦੇ ਦਰਬਾਰ ਵਿੱਚ ਸ਼ੁਕਰਾਨਾ ਕਰਨ, ਆਸ਼ੀਰਵਾਦ ਲੈਣ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਾਂ। ਅਸੀਂ ਅਰਦਾਸ ਕਰਦੇ ਹਾਂ ਕਿ ਗੁਰੂ ਮਹਾਰਾਜ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਵਾਉਣ ਦੇ ਇਸ ਸੰਕਲਪ ਨੂੰ ਪੂਰਾ ਕਰਨ ਲਈ ਸਾਨੂੰ ਸ਼ਕਤੀ ਅਤੇ ਆਸ਼ੀਰਵਾਦ ਬਖ਼ਸ਼ਣ।
ਉਨ੍ਹਾਂ ਕਿਹਾ ਕਿ ਸਾਡਾ ਟੀਚਾ ‘ਉੱਡਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਬਣਾਉਣਾ ਹੈ। ਅਸੀਂ ਅਜਿਹਾ ਪੰਜਾਬ ਬਣਾਉਣਾ ਚਾਹੁੰਦੇ ਹਾਂ ਜੋ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਫਿਰੌਤੀ ਮੁਕਤ ਹੋਵੇ ਅਤੇ ਵਿਕਾਸ ਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਛੂਹੇ।
ਤਰੁਣ ਚੁਗ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣੇਗੀ ਅਤੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾਵੇਗਾ।
ਭਾਜਪਾ ਅਤੇ ਅਕਾਲੀ ਦਲ ਦੇ ਰਿਸ਼ਤਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੁਗ ਨੇ ਕਿਹਾ ਕਿ ਭਰਾ ਤਾਂ ਭਰਾ ਹੁੰਦਾ ਹੈ ਅਤੇ ਭਰਾਵਾਂ ਵਿੱਚ ਖੂਨ ਦਾ ਰਿਸ਼ਤਾ ਹੁੰਦਾ ਹੈ। ਦੋਵਾਂ ਪਾਰਟੀਆਂ ਵਿੱਚ ਪੰਜਾਬੀਅਤ ਦੀ ਖੁਸ਼ਬੂ ਅਤੇ ਪੰਜਾਬ ਪ੍ਰਤੀ ਸਮਰਪਣ ਦੀ ਭਾਵਨਾ ਸਾਂਝੀ ਹੈ। ਸਾਡਾ ਸਾਂਝਾ ਉਦੇਸ਼ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਵਿਕਸਿਤ ਬਣਾਉਣਾ ਹੈ।























