Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ
– ਸੋਨੀਆ ਗਾਂਧੀ ਦੀ ਅਗਵਾਈ ਹੇਠ ਬਣੇਗੀ ਰਣਨੀਤੀ
– ਨਾਸਿਰ ਹੁਸੈਨ ਨੇ ਕਿਹਾ—ਸਰਕਾਰ ਕੋਲ ਸੰਵਿਧਾਨਕ ਸੋਧ ਲਈ ਦੋ-ਤਿਹਾਈ ਬਹੁਮਤ ਨਹੀਂ
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): 30 ਨਵੰਬਰ ਤੋਂ ਪ੍ਰਸਤਾਵਿਤ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਅੱਜ ਸੰਸਦੀ ਦਲ ਦੀ ਅਹਿਮ ਮੀਟਿੰਗ ਸੱਦੀ ਹੈ। ਸੋਨੀਆ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ਵਿੱਚ ਆਉਣ ਵਾਲੇ ਸੈਸ਼ਨ ਦੌਰਾਨ ਪਾਰਟੀ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਕਾਂਗਰਸ ਨੇ ਕੇਂਦਰ ਸਰਕਾਰ ’ਤੇ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲਏ ਬਿਨਾਂ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਦੋਸ਼ ਲਗਾਇਆ ਹੈ। ਪਾਰਟੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਸੈਸ਼ਨ ਦੇ ਏਜੰਡੇ ਬਾਰੇ ਵਿਰੋਧੀ ਧਿਰ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ।
ਕਾਂਗਰਸ ਦੇ ਸੰਸਦ ਮੈਂਬਰ ਨਾਸਿਰ ਹੁਸੈਨ ਨੇ ਕਿਹਾ ਕਿ ਭਾਜਪਾ ਅਤੇ ਉਸ ਦੇ ਸਹਿਯੋਗੀ ਦਲਾਂ ਕੋਲ ਸੰਵਿਧਾਨਕ ਸੋਧ ਲਈ ਲੋੜੀਂਦਾ ਦੋ-ਤਿਹਾਈ ਬਹੁਮਤ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੁਲਾਈ ਦੀ ਤਰ੍ਹਾਂ ਇਸ ਵਾਰ ਵੀ ਸਮੁੱਚੀ ਵਿਰੋਧੀ ਧਿਰ ਇਕਜੁੱਟ ਹੋ ਕੇ ਸਰਕਾਰ ਦੇ ਯਤਨਾਂ ਨੂੰ ਨਾਕਾਮ ਕਰੇਗੀ।
ਹੁਸੈਨ ਨੇ ਇਹ ਵੀ ਦੱਸਿਆ ਕਿ ਡੀਐਮਕੇ ਕਾਂਗਰਸ ਦੇ ਸੰਪਰਕ ਵਿੱਚ ਹੈ ਅਤੇ ਜਲਦੀ ਹੀ ਸਾਂਝੀ ਵਿਰੋਧੀ ਧਿਰ ਦੀ ਰਣਨੀਤੀ ਸਾਹਮਣੇ ਆਵੇਗੀ।























