ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਭੂਮਿਕਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਰਾਜ ਸਭਾ ਮੈਂਬਰ ਅਤੇ ਪਦਮ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਤਕਸ਼ਸ਼ਿਲਾ ਸੈਂਟਰ ਫਾਰ ਲੀਡਰਸ਼ਿਪ ਡਿਵੈਲਪਮੈਂਟ ਦੇ ਹੋਣਹਾਰ ਵਿਦਿਆਰਥੀਆਂ, ਨੌਜਵਾਨ ਪੇਸ਼ੇਵਰਾਂ ਅਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ 26 ਨਵੰਬਰ, 1949 ਨੂੰ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਇਤਿਹਾਸਕ ਘਟਨਾ ਨੂੰ ਯਾਦ ਕਰਦਿਆਂ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਦੇ ਚੇਅਰਮੈਨ, ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਅਤੇ ਸੰਵਿਧਾਨ ਸਭਾ ਦੇ ਸਮੂਹ ਦੂਰਅੰਦੇਸ਼ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਸਾਲ 2015 ਵਿੱਚ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਜੋ ਲੋਕਾਂ ਨੂੰ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੇ ਨਿਰਮਾਤਾਵਾਂ ਦੇ ਯੋਗਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਰਾਜਿੰਦਰ ਗੁਪਤਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਭਾਰਤੀ ਸੰਵਿਧਾਨ ਦੇਸ਼ ਲਈ ਸਭ ਤੋਂ ਅਨਮੋਲ ਵਿਰਾਸਤ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਦੇ ਆਦਰਸ਼ਾਂ ਤੇ ਮੁੱਲਾਂ ਨਾਲ ਜੋੜਨਾ ਭਾਰਤ ਦੇ ਭਵਿੱਖ ਲਈ ਬੇਹੱਦ ਜ਼ਰੂਰੀ ਹੈ। ਅਸੀਂ ਇਸ ਸੰਵਿਧਾਨ ਗੌਰਵ ਦਿਵਸ ‘ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਜੀਵਨ ਨੂੰ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲੋਕ ਭਲਾਈ ਅਤੇ ਸਰਬਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਸਦਕਾ ਦੇਸ਼ ਆਤਮਨਿਰਭਰ ਅਤੇ ਵਿਕਸਿਤ ਭਾਰਤ ਦੇ ਟੀਚੇ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਸਾਡਾ ਉਦੇਸ਼ ਅਜਿਹਾ ਭਾਰਤ ਸਿਰਜਣਾ ਹੈ, ਜਿੱਥੇ ਹਰ ਪਰਿਵਾਰ ਨੂੰ ਬੁਨਿਆਦੀ ਸਹੂਲਤਾਂ, ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਮਿਲੇ ਅਤੇ ਹਰ ਨਾਗਰਿਕ ਵਿਸ਼ਵ ਪੱਧਰ ‘ਤੇ ਮਾਣ ਨਾਲ ਆਪਣੀ ਪਛਾਣ ਸਥਾਪਿਤ ਕਰ ਸਕੇ।
ਸਮਾਗਮ ਦੌਰਾਨ ਨੌਜਵਾਨਾਂ ਨੂੰ ਸੰਵਿਧਾਨ ਵੱਲੋਂ ਦਿੱਤੇ ਗਏ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਫਰਜ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ।
ਸਮਾਗਮ ਦੀ ਸਮਾਪਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਮੁੱਲਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਮਜ਼ਬੂਤ, ਬਰਾਬਰੀ ਵਾਲੇ, ਆਤਮਨਿਰਭਰ ਅਤੇ ਵਿਕਸਿਤ ਭਾਰਤ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦੇ ਸਮੂਹਿਕ ਸੰਕਲਪ ਨਾਲ ਹੋਈ।























