‘ਆਪ’ ਵਿਧਾਇਕਾਂ ਨੇ ਡਾ. ਬੀ.ਆਰ ਆਡੀਟੋਰੀਅਮ ਅਧੂਰਾ ਛੱਡਣ ‘ਤੇ ਕੈਪਟਨ ਸਰਕਾਰ ਨੂੰ ਘੇਰਿਆ
ਚੰਡੀਗੜ੍ਹ, 23 ਜੁਲਾਈ –ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ-ਪ੍ਰਧਾਨ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਨੇ ਕਾਂਗਰਸ ਉੱਪਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ਤੋਂ ਹੀ ਖੁੰਦਕ ਪਾਲਣ ਦਾ ਦੋਸ਼ ਲਗਾਇਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਵਿਧਾਇਕਾਂ ਨੇ ਕਿਹਾ ਕਿ ਦੇਸ਼ ਭਰ ‘ਚ ਹਜ਼ਾਰਾਂ ਦੀ ਗਿਣਤੀ ‘ਚ ਨਹਿਰੂ-ਗਾਂਧੀ ਪਰਿਵਾਰ ਦੀ ਯਾਦ ‘ਚ ਯਾਦਗਾਰਾਂ-ਸਮਾਰਕ ਬਣਾਉਣ ਵਾਲੀ ਕਾਂਗਰਸ ਨੇ ਡਾ. ਅੰਬੇਡਕਰ ਦੇ ਮਹਾਨ ਯੋਗਦਾਨ ਨੂੰ ਹਮੇਸ਼ਾ ਘਟਾ ਕੇ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਮੋਹਾਲੀ ਦੇ ਵਿਕਾਸ ਭਵਨ ‘ਚ ਡਾ. ਬੀ.ਆਰ. ਅੰਬੇਡਕਰ ਆਡੀਟੋਰੀਅਮ ਇਸ ਦੀ ਪ੍ਰਤੱਖ ਮਿਸਾਲ ਹੈ, ਜੋ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਨਵੰਬਰ 2016 ਮੋਹਾਲੀ ਦੇ ਸੈਕਟਰ 62 ਸਥਿਤ ਵਿਕਾਸ ਭਵਨ ‘ਚ ‘ਬਾਬਾ ਸਾਹਿਬ’ ਦੀ ਯਾਦ ਨੂੰ ਸਮਰਪਿਤ ਆਡੀਟੋਰੀਅਮ ਦੀ ਉਸਾਰੀ ਸ਼ੁਰੂ ਹੋਈ ਸੀ, 8.50 ਕਰੋੜ ਦੀ ਰਾਸ਼ੀ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋਈ, ਪਰੰਤੂ ਕੈਪਟਨ ਸਰਕਾਰ ਨੇ ਆਉਂਦਿਆਂ ਹੀ ਇਸ ਆਡੀਟੋਰੀਅਮ ਦੀ ਉਸਾਰੀ ਦਾ ਕੰਮ ਰੋਕ ਦਿੱਤਾ।
ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਦਲਿਤਾਂ ਅਤੇ ਬਾਬਾ ਸਾਹਿਬ ਵਿਰੋਧੀ ਸੋਚ ਰੱਖਣ ਵਾਲੀ ਕਾਂਗਰਸ ਸਰਕਾਰ ਜਾਣਬੁੱਝ ਇਸ ਪ੍ਰੋਜੈਕਟ ਨੂੰ ਪੂਰਾ ਨਹੀਂ ਕਰਨਾ ਚਾਹੁੰਦੀ।
‘ਆਪ’ ਵਿਧਾਇਕਾਂ ਨੇ ਮੰਗ ਕੀਤੀ ਕਿ ਇਸ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ ਅਤੇ ਕਾਂਗਰਸ ‘ਬਾਬਾ ਸਾਹਿਬ’ ਦਾ ਸਨਮਾਨ ਕਰਨਾ ਸਿੱਖੇ।