– ਪੰਜਾਬ ਪੁਲੀਸ ਦੇ ਉਚ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਵੱਲੋਂ ਚਾਂਦਪੁਰਾ ਬੰਨ੍ਹ ਦੀ ਨਿਗਰਾਨੀ
– ਐਸ.ਐਸ.ਪੀ ਡਾ. ਭਾਰਗਵ ਨੇ ਘੱਗਰ ਦੇ ਬੰਨ੍ਹਾਂ ਦੁਆਲੇ ਤੇਜ਼ ਕੀਤੀ ਗਸ਼ਤ
ਮਾਨਸਾ, 23 ਅਗਸਤ (ਵਿਸ਼ਵ ਵਾਰਤਾ)- ਮਾਝੇ ਅਤੇ ਦੁਆਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਹੁਣ ਮਾਨਸਾ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ ਦਰਿਆ ਵਿੱਚ ਲਗਾਤਾਰ ਪਾਣੀ ਚੜ੍ਹਨ ਕਾਰਨ ਚਾਰ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਪੈਦਾ ਹੋ ਗਿਆ ਹੈ। ਇਨ੍ਹਾਂ ਵਿਚੋਂ ਲਗਭਗ ਤਿੰਨ ਦਰਜਨ ਪਿੰਡਾਂ ਬੁਢਲਾਡਾ ਸਬ-ਡਵੀਜ਼ਨ ਦੇ ਅਤੇ ਇੱਕ ਦਰਜਨ ਪਿੰਡ ਸਰਦੂਲਗੜ੍ਹ ਸਬ-ਡਵੀਜ਼ਨ ਦਾ ਹੈ। ਪੰਜਾਬ ਸਰਕਾਰ ਨੇ ਪੂਰੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹੜ੍ਹ ਕੰਟਰੋਲ ਰੂਮ ਤੋਂ ਪਲ-ਪਲ ਦੀ ਜਾਣਕਾਰੀ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸਿਵਲ ਅਤੇ ਪੁਲੀਸ ਅਫ਼ਸਰਾਂ ਨੂੰ ਹਰ ਸਮੇਂ ਆਪਣੇ ਮੋਬਾਇਲ ਖੁੱਲ੍ਹੇ ਰੱਖਣ ਦੀ ਹਦਾਇਤ ਕੀਤੀ ਗਈ ਹੈ।ਪੁਲੀਸ ਵੱਲੋਂ ਮਾਨਸਾ ਦੇ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਦਿਨ-ਰਾਤ ਦੀ ਘੱਗਰ ਦਰਿਆ ਦੁਆਲੇ ਪੁਲੀਸ ਦੀ ਗਸ਼ਤ ਜਾਰੀ ਰੱਖਣ ਦੇ ਸਖ਼ਤ ਆਦੇਸ਼ ਕੀਤੇ ਹੋਏ ਹਨ।
ਮਾਨਸਾ ਦੇ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਪੁਲੀਸ ਦੇ ਉਚ ਅਧਿਕਾਰੀਆਂ ਸਮੇਤ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਆਏ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਚਾਂਦਪੁਰਾ ਬੰਨ੍ਹ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ੍ਹ ਵਿਖੇ ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਚਾਂਦਪੁਰਾ ਬੰਨ੍ਹ ਤੇ ਪੁਲੀਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਪੰਜਾਬ ਪੁਲੀਸ ਵੱਲੋਂ ਏ.ਡੀ.ਜੀ.ਪੀ (ਰੂਲਜ਼ ਐਂਡ ਪਾਲਿਸੀ) ਜਤਿੰਦਰ ਜੈਨ, ਆਈ.ਜੀ ਬਠਿੰਡਾ ਸ੍ਰੀ ਐਮ.ਐਫ ਫਰੂਕੀ ਸਮੇਤ ਹੋਰ ਪੁਲੀਸ ਅਧਿਕਾਰੀਆਂ ਵੱਲੋਂ ਚਾਂਦਪੁਰਾ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਬੰਨ੍ਹ ਕਾਫ਼ੀ ਮਜ਼ਬੂਤ ਹੈ ਅਤੇ ਅਧਿਕਾਰੀਆਂ ਵੱਲੋਂ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੋਨ ‘ਤੇ ਦੱਸਿਆ ਕਿ ਇਸ ਸਬੰਧੀ ਸਬ ਡਵੀਜ਼ਨ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਹੋਏ ਹਨ, ਜਿਨ੍ਹਾਂ ‘ਤੇ ਕੋਈ ਵੀ ਵਿਅਕਤੀ ਹੜ੍ਹ ਸਬੰਧੀ ਸੂਚਨਾ ਦੇ ਸਕਦਾ ਹੈ।
ਉਧਰ ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜੀਨਿਅਰ ਰਾਜਨ ਢਿੰਗਰਾ ਨੇ ਦੱਸਿਆ ਕਿ ਘੱਗਰ ਦਰਿਆ ਵਿਚ ਪਾਣੀ ਅੰਡਰ ਕੰਟਰੋਲ ਚੱਲ ਰਿਹਾ ਹੈ, ਜੋ ਕਿ ਅਜੇ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ।