
ਕਾਰਜ ਸਾਧਕ ਅਫਸਰਾਂ ਦੀ ਨਿਗਰਾਨੀ ਹੇਠ ਸੈਨੀਟੇਸ਼ਨ ਕਮੇਟੀਆਂ ਦਾ ਗਠਨ
ਜਲੰਧਰ 29 ਅਗਸਤ – ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਵਿੱਢੀ ਗਈ ਹੈ ਜਿਸ ਵਿਚ ਵੱਖ-ਵੱਖ ਨਗਰ ਕੌਂਸਲਾਂ ਦੇ ਸੈਂਕੜੇ ਵਰਕਰਾਂ ਨੂੰ ਟਰੈਕਟਰ-ਟਰਾਲੀਆਂ ਦੇ ਨਾਲ ਲਗਾਇਆ ਗਿਆ ਹੈ ਤਾਂ ਜੋ ਗਲੀਆਂ ਵਿਚੋਂ ਕੂੜੇ -ਕਰਕਟ ਆਦਿ ਨੂੰ ਨਿਰਧਾਰਿਤ ਥਾਵਾਂ ’ਤੇ ਭੇਜਿਆ ਜਾ ਸਕੇ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਾਰਜ ਸਾਧਕ ਅਫ਼ਸਰਾਂ ਦੀ ਨਿਗਰਾਨੀ ਹੇਠ ਸੈਨੀਟੇਸ਼ਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਨਾਂ ਵਲੋਂ ਹੜ੍ਹ ਪ੍ਰਭਾਵਿਤ ਹਰ ਪਿੰਡ ਵਿੱਚ ਹਰੇਕ ਕੋਨੇ-ਕੋਨੇ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਬਿਮਾਰੀ ਨਾ ਫੈਲ ਸਕੇ।
ਉਨ੍ਹਾਂ ਦੱਸਿਆ ਕਿ ਹੜ੍ਹ ਦੇ ਪਾਣੀ ਵਿੱਚ ਆਈ ਗਾਰ ਅਤੇ ਪਲਾਸਟਿਕ ਦੇ ਫਾਲਤੂ ਸਮਾਨ ਨੂੰ ਸੈਨੀਟੇਸ਼ਨ ਟੀਮਾਂ ਵਲੋਂ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਫੋਗਿੰਗ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਦਿਨ ਵਿੱਚ ਦੋ ਵਾਰ ਫੋਗਿੰਗ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਘਟਣ ਕਰਕੇ ਸੈਨੀਟੇਸ਼ਨ ਟੀਮਾਂ ਲਈ ਸਫ਼ਾਈ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਅਸਾਨ ਹੋ ਗਿਆ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾਨ-ਮਾਲ ਨੂੰ ਬਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾਲ ਆਵੇ ਇਸ ਲਈ ਵੀ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹਲਾਤ ਜਲਦ ਤੋਂ ਜਲਦ ਆਮ ਵਰਗੇ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਸੰਯੁਕਤ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਪਰਮਜੀਤ ਸਿੰਘ ਨੇ ਦੱਸਿਆ ਕਿ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫ਼ਾਈ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ।





















