ਐਸ.ਏ.ਐਸ. ਨਗਰ (ਮੁਹਾਲੀ), 9 ਸਤੰਬਰ- ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਦੇ ਮਾਮਲੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਵਹਾਰ ਵਾਲੀ ਵੀਡਿਓ ਖੁਦ ਦੇਖ ਕੇ ਉਨਾਂ ਨੇ ਹੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਅੱਜ ਇਥੇ ਡਿਜ਼ੀਟਲ ਜਾਂਚ ਸਿਖਲਾਈ ਅਤੇ ਅਧਿਐਨ ਕੇਂਦਰ (ਡੀ.ਆਈ.ਟੀ.ਏ.ਸੀ.) ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਵੀ ਸਰਕਾਰੀ ਅਧਿਕਾਰੀ ਦੇ ਦਫਤਰ ਜਾ ਕੇ ਇਸ ਤਰਾਂ ਬਦਤਮੀਜ਼ੀ ਕਰਨ ਦਾ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਉਨਾਂ ਸਾਰੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਆਮ ਲੋਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਨ।